ਸਹਾਰਨਪੁਰ ਦੇ ਇਕ ਸਕੂਲ 'ਚ ਇਮਤਿਹਾਨ ਸਮੇਂ ਕਰਾਰ ਉਤਾਰਨ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

By  Joshi March 20th 2018 07:20 PM

SGPC issues strong objection to forced removal of Kirpan in Saharanpur school: ਅੰਮ੍ਰਿਤਸਰ: ਸਹਾਰਨਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਦਸਵੀਂ ਦੇ ਇਮਤਿਹਾਨ ਦੇ ਰਹੇ ਕੁਝ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਿਰਪਾਨਾਂ ਉਤਾਰ ਕੇ ਪ੍ਰੀਖਿਆ ਵਿਚ ਬੈਠਣ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਸਕੂਲ ਪ੍ਰਬੰਧਕਾਂ ਦੀ ਇਸ ਹਰਕਤ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਧੱਕਾ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਸਥਾਨਕ ਪ੍ਰਸ਼ਾਸ਼ਨ ਪਾਸੋਂ ਮੰਗ ਕੀਤੀ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਰਾਰ ਗੁਰੂ ਬਖ਼ਸ਼ੀ ਰਹਿਣੀ ਦਾ ਹਿੱਸਾ ਹਨ ਅਤੇ ਅੰਮ੍ਰਿਤਧਾਰੀ ਸਿੱਖਾਂ ਲਈ ਕਰਾਰ ਆਪਣੇ ਅੰਗ-ਸੰਗ ਰੱਖਣੇ ਗੁਰੂ ਦਾ ਹੁਕਮ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜਾਣਨ ਦੇ ਬਾਵਜੂਦ ਵੀ ਭਾਰਤ ਅੰਦਰ ਵਾਪਰਦੀਆਂ ਅਜਿਹੀਆਂ ਘਟਨਾਵਾਂ ਸਾਜ਼ਿਸ਼ ਪ੍ਰਤੀਤ ਹੁੰਦੀਆਂ ਹਨ, ਜਿਨ੍ਹਾਂ ਕਰਕੇ ਸਿੱਖਾਂ ਅੰਦਰ ਅਕਸਰ ਰੋਸ ਰਹਿੰਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨਾ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਿਥੇ ਆਪਣੇ ਤੌਰ 'ਤੇ ਪੜਤਾਲ ਕਰਵਾਈ ਜਾਵੇਗੀ, ਉਥੇ ਹੀ ਕੇਂਦਰ ਸਰਕਾਰ ਨਾਲ ਵੀ ਰਾਬਤਾ ਬਣਾ ਕੇ ਦੇਸ਼ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ। —PTC News

Related Post