SGPC ਵੱਲੋਂ ਖੂਨਦਾਨ ਲਈ ਮੋਬਾਇਲ ਬੱਸ ਸੇਵਾ ਸ਼ੁਰੂ ,ਬੀਬੀ ਜਗੀਰ ਕੌਰ ਨੇ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ  

By  Shanker Badra May 17th 2021 04:51 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖੂਨਦਾਨ ਕੈਂਪ ਲਗਾਉਣ ਲਈ ਇਕ ਵਿਸ਼ੇਸ਼ ਬੱਸ ਤਿਆਰ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਦੀ ਦੇਖ ਰੇਖ ਇਹ ਮੋਬਾਇਲ ਖੂਨਦਾਨ ਕੈਂਪ ਲਗਾਉਣ ਲਈ ਆਧੁਨਿਕ ਸਹੂਲਤਾਂ ਵਾਲੀ ਬੱਸ ਦੀ ਸੇਵਾ ਐਚਡੀਐਫਸੀ ਬੈਂਕ ਨੇ ਕੀਤੀ ਹੈ। ਇਸ ਬੱਸ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਰਿਹਾ ਹੈ। ਕੋਰੋਨਾ ਦੇ ਦੌਰ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਕੋਰੋਨਾ ਮਰੀਜ਼ਾਂ ਨੂੰ ਸਮਰਪਿਤ ਕੀਤਾ ਗਿਆ ਹੈ, ਉਥੇ ਹੀ ਪੰਜਾਬ ਅੰਦਰ ਵੱਖ-ਵੱਖ ਥਾਵਾਂ ’ਤੇ ਵਾਰਡ ਤਿਆਰ ਕਰਕੇ ਮੈਡੀਕਲ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਚ ਖੂਨ ਦੀ ਲੋੜ ਮਰੀਜ਼ਾਂ ਨੂੰ ਅਕਸਰ ਬਣੀ ਰਹਿੰਦੀ ਹੈ, ਜਿਸ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਦੇ ਮੈਡੀਕਲ ਕਾਲਜ ਵਿਚ ਬਲੱਡ ਬੈਂਕ ਦਾ ਪ੍ਰਬੰਧ ਹੈ। ਬਹੁਤ ਸਾਰੇ ਖੂਨਦਾਨੀ ਮਾਨਵਤਾ ਦੀ ਭਲਾਈ ਲਈ ਤੱਤਪਰ ਰਹਿੰਦੇ ਹਨ, ਪਰੰਤੂ ਕੋਰੋਨਾ ਦੇ ਮੌਜੂਦਾ ਸੰਕਟਮਈ ਦੌਰ ਅੰਦਰ ਲੋਕਾਂ ਦਾ ਹਸਪਤਾਲ ਵਿਖੇ ਆ ਕੇ ਖੂਨਦਾਨ ਕਰਨਾ ਮੁਸ਼ਕਲ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੇ ਵੱਖ-ਵੱਖ ਥਾਵਾਂ ’ਤੇ ਖੂਨਦਾਨ ਕੈਂਪ ਲਗਾਉਣ ਲਈ ਬੱਸ ਤਿਆਰ ਕਰਵਾਈ ਹੈ, ਜਿਸ ਦੀ ਸੇਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਅੰਦਰ ਇਕ ਸਮੇਂ ਦੋ ਲੋਕ ਖੂਨ ਦਾਨ ਕਰ ਸਕਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਲੋੜਵੰਦਾਂ ਨੂੰ ਖੂਨ ਦੀ ਕਿਲੱਤ ਤੋਂ ਰਾਹਤ ਮਿਲੇਗੀ। ਬੀਬੀ ਜਗੀਰ ਕੌਰ ਨੇ ਇਸ ਦੌਰਾਨ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਬਣਾਏ ਗਏ ਕੋਵਿਡ ਕੇਅਰ ਕੇਂਦਰ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਆਲਮਗੀਰ ਲੁਧਿਆਣਾ ਵਿਖੇ ਹੁਣ ਤੱਕ ਕਰੀਬ 150 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਇਸੇ ਤਰ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਭੁਲੱਥ ਵਿਖੇ ਵੀ ਵੱਡੀ ਗਿਣਤੀ ਵਿਚ ਕੋਰੋਨਾ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ ਅਗਲੇ ਦਿਨਾਂ ਅੰਦਰ ਆਦਮਪੁਰ, ਸੰਗਰੂਰ, ਰੋਪੜ ਤੇ ਫਿਰੋਜ਼ਪੁਰ ਵਿਖੇ ਵੀ ਅਜਿਹੇ ਹੀ ਕੋਵਿਡ ਕੇਅਰ ਕੇਂਦਰ ਖੋਲ੍ਹੇ ਜਾਣਗੇ। -PTCNews

Related Post