ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ SGPC ਵੱਲੋਂ ਸੇਵਾ ਆਰੰਭ

By  Shanker Badra December 2nd 2020 07:15 PM -- Updated: December 2nd 2020 07:17 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ SGPC ਵੱਲੋਂ ਸੇਵਾ ਆਰੰਭ:ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਹਿਰਾਂ ਦੀ ਰਾਇ ਨਾਲ ਰੱਖ-ਰਖਾਅ ਅਤੇ ਸਾਂਭ-ਸੰਭਾਲ ਦਾ ਕਾਰਜ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰੂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੇਵਾ ਸੌਂਪੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਮੌਜੂਦਗੀ ਵਿਚ ਅੱਜ ਇਸ ਕਾਰਜ ਦੀ ਅਰਦਾਸ ਉਪਰੰਤ ਆਰੰਭਤਾ ਕੀਤੀ ਗਈ। ਮੁੱਢਲੇ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਦੀ 3-ਡੀ ਸਕੈਨਿੰਗ ਦੇ ਨਾਲ-ਨਾਲ ਆਈ.ਆਰ.ਐਸ. ਸਕੈਨਿੰਗ, ਜੀ.ਪੀ.ਆਰ. ਸਕੈਨਿੰਗ ਅਤੇ ਟੋਮੋਗ੍ਰਾਫੀ ਕੀਤੀ ਜਾਵੇਗੀ। ਇਸ ਰਾਹੀਂ ਸਲ੍ਹਾਬ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

ਗੁਰੂ ਨਿਸ਼ਕਾਮ ਸੇਵਕ ਜਥੇ ਦੇ ਪ੍ਰਤੀਨਿਧ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸੇਵਾ ਲਈ ਆਈ.ਆਈ.ਟੀ. ਰੁੜਕੀ ਦੇ ਪ੍ਰੋਫੈਸਰ ਡਾ. ਭੁਪਿੰਦਰ ਸਿੰਘ, ਆਈ.ਆਈ.ਟੀ. ਮਦਰਾਸ ਦੇ ਪ੍ਰੋ: ਡਾ. ਸਵਾਤੀ ਅਤੇ ਬੜੋਦਾ ਤੋਂ ਮਾਹਿਰ ਇੰਜੀ: ਕਜਾਦ ਦੀਆਂ ਤਕਨੀਕੀ ਸੇਵਾਵਾਂ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੈਨਿੰਗ ਮਗਰੋਂ ਸਲ੍ਹਾਬ ਦੇ ਕਾਰਨਾਂ ਦਾ ਪਤਾ ਲਗਾ ਕੇ ਇਸ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।

ਰਸਮੀਂ ਤੌਰ ’ਤੇ ਸੇਵਾ ਆਰੰਭ ਕਰਨ ਸਮੇਂ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਯੂਥ ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਮੁਖਤਾਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਅਮਰੀਕ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

-PTCNews

Related Post