SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

By  Shanker Badra September 9th 2021 04:21 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਕਰਨਾਲ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭੁਪਿੰਦਰ ਸਿੰਘ ਅਸੰਧ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਰਨਾਲ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ।

SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

ਕਰਨਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਰਨਾਲ ਵਿਖੇ ਵੱਡੀ ਗਿਣਤੀ ਵਿਚ ਕਿਸਾਨ ਧਰਨਾ ਲਗਾ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ, ਚਾਹ ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ।ਇਸ ਵਾਸਤੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕੁਸ਼ਤੇਰ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦਾ ਸਟਾਫ਼ ਕਿਸਾਨਾਂ ਦੀ ਸੇਵਾ ਲਈ ਮੌਜੂਦ ਹੈ।

SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਿਸਾਨਾਂ ਦੇ ਨਾਲ ਖੜ੍ਹਦਿਆਂ ਸਿੰਘੂ ਬਾਰਡਰ, ਟਿੱਕਰੀ ਬਾਰਡਰ ’ਤੇ ਲੰਗਰ, ਰਿਹਾਇਸ਼, ਪਾਣੀ, ਮੰਜੇ ਬਿਸਤਰੇ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਕਰ ਰਹੀ ਹੈ ਅਤੇ ਹੁਣ ਕਰਨਾਲ ਵਿਖੇ ਵੀ ਧਰਨਾ ਦੇ ਰਹੇ ਕਿਸਾਨਾਂ ਲਈ ਸੇਵਾ ਵਿਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ, ਜਿਸ ਲਈ 150 ਦੇ ਕਰੀਬ ਕਰਮਚਾਰੀ ਡਿਊਟੀ ਨਿਭਾਅ ਰਹੇ ਹਨ ਅਤੇ ਲੋੜ ਅਨੁਸਾਰ ਹੋਰ ਸਟਾਫ਼ ਵੀ ਭੇਜਿਆ ਜਾਵੇਗਾ।

-PTCNews

Related Post