ਸ਼੍ਰੋਮਣੀ ਕਮੇਟੀ ਹਿਮਾਚਲ ਪ੍ਰਦੇਸ਼ ਦੇ ਪਿੰਡ ਨਾਰਗ ਬੜੂਥ ਵਿਖੇ ਸੰਗਤਾਂ ਲਈ ਬਣਾਏਗੀ ਗੁਰਦੁਆਰਾ ਸਾਹਿਬ

By  Joshi May 14th 2018 12:38 PM -- Updated: May 14th 2018 01:32 PM

ਸ਼੍ਰੋਮਣੀ ਕਮੇਟੀ ਹਿਮਾਚਲ ਪ੍ਰਦੇਸ਼ ਦੇ ਪਿੰਡ ਨਾਰਗ ਬੜੂਥ ਵਿਖੇ ਸੰਗਤਾਂ ਲਈ ਬਣਾਏਗੀ ਗੁਰਦੁਆਰਾ ਸਾਹਿਬ-ਭਾਈ ਲੌਂਗੋਵਾਲ ਸਥਾਨਕ ਪਿੰਡ ’ਚ ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਐਲਾਨ ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਵਿਚ ਪੈਂਦੇ ਪਿੰਡ ਨਾਰਗ ਬੜੂਥ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਗੁਰਦੁਆਰਾ ਸਾਹਿਬ ਬਣਾ ਕੇ ਦੇਵੇਗੀ। ਇਹ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਇਸ ਪਿੰਡ ਵਿਖੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਯਤਨਾਂ ਨਾਲ ਕਰਵਾਏ ਗਏ ਇਕ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। SGPC plans building Gurdwara Sahibin village Narg Himachal ਭਾਈ ਲੌਂਗੋਵਾਲ ਨੇ ਪਿੰਡ ਵਾਸੀਆਂ ਦੀ ਮੰਗ ਤੋਂ ਬਾਅਦ ਇਹ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਪਿੰਡ ਵਿਚ ਗੁਰਦੁਆਰਾ ਸਾਹਿਬ ਬਣਾ ਕੇ ਦੇਵੇਗੀ, ਤਾਂ ਜੋ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਮਤਿ ਨਾਲ ਜੁੜ ਸਕਣ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਵੱਲੋਂ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਧਰਮ ਪ੍ਰਚਾਰ ਕਾਰਜ ਕੀਤੇ ਜਾ ਰਹੇ ਹਨ। ਇਸੇ ਤਹਿਤ ਦੇਸ਼ ਭਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕੇਂਦਰ (ਸਿੱਖ ਮਿਸ਼ਨ) ਬਣਾਏ ਗਏ ਹਨ, ਜਿਨ੍ਹਾਂ ’ਚੋਂ ਇਕ ਹਿਮਾਚਲ ਪ੍ਰਦੇਸ਼ ਵਿਖੇ ਵੀ ਕਾਰਜਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕਰਦਿਆਂ ਹਿਮਾਚਲ ਪ੍ਰਦੇਸ਼ ਸੂਬੇ ਵਿਚ ਧਰਮ ਪ੍ਰਚਾਰਕਾਂ ਤੇ ਢਾਡੀ ਕਵੀਸ਼ਰ ਜਥਿਆਂ ਦੀ ਗਿਣਤੀ ਵਿਚ ਵੀ ਵਾਧਾ ਕੀਤਾ ਜਾਵੇਗਾ। SGPC plans building Gurdwara Sahibin village Narg Himachal ਇਸ ਦੌਰਾਨ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਇਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਕੀਤਾ।ਸਮਾਗਮ ਸਮੇਂ ਪਿੰਡ ਵਾਸੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪਿੰਡ ਵਿਚ ਗੁਰਦੁਆਰਾ ਸਾਹਿਬ ਬਣਾਉਣ ਦੇ ਐਲਾਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਾਈ ਲੌਂਗੋਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਬਾਬਾ ਜਗਜੀਤ ਸਿੰਘ ਕਾਕਾ ਜੀ ਬੜੂ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੈ ਸਿੰਘ ਲੌਂਗੋਵਾਲ, ਸ. ਸੁਨੀਦ ਦੱਤ ਸਿੰਘ, ਸ. ਜਗਤ ਸਿੰਘ, ਸ. ਮੋਹਨ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਐਚ.ਐਸ. ਧਾਲੀਵਾਲ ਵਾਈਂਸ ਚਾਸਲਰ ਬੜੂ ਸਾਹਿਬ ਯੂਨੀਵਰਸਿਟੀ, ਡਾ. ਦਵਿੰਦਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।—PTC News

Related Post