ਭਵਾਨੀਗੜ੍ਹ ਦੇ ਪਿੰਡ ਜੌਲੀਆਂ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

By  Shanker Badra June 26th 2021 04:42 PM -- Updated: June 26th 2021 05:14 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਵਾਨੀਗੜ੍ਹ ਨਜ਼ਦੀਕ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਔਰਤ ਵੱਲੋਂ ਜਲਣਸ਼ੀਲ ਪਦਾਰਥ ਨਾਲ ਅੱਗ ਲਗਾ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਗੁਰੂ ਹਨ ਅਤੇ ਇਸ ਪਾਵਨ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਬਖ਼ਸ਼ੇ ਨਹੀਂ ਜਾਣੇ ਚਾਹੀਦੇ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹਨ, ਜਿਸ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਭਵਾਨੀਗੜ੍ਹ ਦੇ ਪਿੰਡ ਜੌਲੀਆਂ ’ਚ ਵਾਪਰੀ ਬੇਅਦਬੀ ਦੀ ਘਟਨਾ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਉਨ੍ਹਾਂ ਕਿਹਾ ਕਿ ਬਹੁਤੇ ਮਾਮਲਿਆਂ ਵਿਚ ਦੋਸ਼ੀਆਂ ਦੇ ਫੜੇ ਜਾਣ ਮਗਰੋਂ ਵੀ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਜਾਂਦੀ, ਜਿਸ ਕਰਕੇ ਅਜਿਹੇ ਲੋਕਾਂ ਦੇ ਹੌਸਲੇ ਬਣੇ ਹੋਏ ਹਨ ਅਤੇ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜਰੂਰੀ ਹੈ, ਜਿਸ ਲਈ ਸਰਕਾਰਾਂ ਦਾ ਸੰਜੀਦਾ ਹੋਣਾ ਲਾਜ਼ਮੀ ਹੈ। ਜੇਕਰ ਪੁਲਿਸ ਪ੍ਰਸ਼ਾਸਨ ਬੇਅਦਬੀ ਕਰਨ ਵਾਲੇ ਅਨਸਰਾਂ ਨਾਲ ਸਖਤੀ ਨਾਲ ਪੇਸ਼ ਆਵੇ ਤਾਂ ਅਜਿਹਾ ਕਰਨ ਦੀ ਕੋਈ ਹਿੰਮਤ ਹੀ ਨਹੀਂ ਕਰ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਨਿਗਰਾਨੀ ਕਰਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਦਾ ਸ਼ੱਕ ਪੈਣ ’ਤੇ ਤੁਰੰਤ ਹਰਕਤ ਵਿਚ ਆਉਣ।

-PTCNews

Related Post