ਉਤਰਾਖੰਡ ’ਚ ਦੋ ਸਿੱਖ ਨੌਜਵਾਨਾਂ ਨੂੰ ਮਾਰਨ ਦੀ  SGPC ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ  

By  Shanker Badra June 17th 2021 05:59 PM -- Updated: June 17th 2021 06:06 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜੁਆਨਾਂ ਗੁਰਭੇਜ ਸਿੰਘ ਅਤੇ ਗੁਰਕੀਰਤਨ ਸਿੰਘ ਨੂੰ ਗੋਲੀ ਮਾਰ ਕੇ ਮਾਰਨ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸੋਸ਼ਲ ਮੀਡੀਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਿੱਖ ਨੌਜੁਆਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਮਾਰ ਦੇਣਾ ਕਾਨੂੰਨ ਦੀ ਉਲੰਘਣਾ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਵਰਤਾਰਾ ਘੱਟਗਿਣਤੀਆਂ ਨੂੰ ਦਬਾਉਣ ਵਾਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਘੱਟ -ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਿੱਖ ਮਿਸ਼ਨ ਕਾਂਸ਼ੀਪੁਰ ਦੇ ਇੰਚਾਰਜ ਅਤੇ ਪ੍ਰਚਾਰਕਾਂ ਨੂੰ ਘਟਨਾ ਸਥਾਨ ’ਤੇ ਜਾਣ ਦੀ ਡਿਊਟੀ ਲਗਾਈ ਗਈ ਹੈ।

-PTCNews

Related Post