ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁਲ੍ਹਣ ’ਤੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ
Riya Bawa
November 16th 2021 05:02 PM --
Updated:
November 16th 2021 05:31 PM
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਪ੍ਰਕਾਸ਼ ਪੁਰਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਦਿਨ ਉਹ (ਬੀਬੀ ਜਗੀਰ ਕੌਰ) ਖੁਦ ਕਰਤਾਰਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਜਥਾ ਲੈ ਕੇ ਜਾਣਗੇ। ਭਾਰਤ ਸਰਕਾਰ ਵੱਲੋਂ ਲਾਂਘਾ ਖੋਲ੍ਹੇ ਜਾਣ ਦੇ ਕੀਤੇ ਐਲਾਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਸੁਭਰਾਮਣੀਅਮ ਜੈਸ਼ੰਕਰ ਦਾ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖੇ ਗਏ ਸਨ।