SGPC ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਲਿਖੇਗੀ ਪੱਤਰ : ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra December 5th 2019 06:33 PM -- Updated: December 5th 2019 06:36 PM

SGPC ਸੂਬੇ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਸਬੰਧੀ ਪੰਜਾਬ ਸਰਕਾਰ ਨੂੰ ਲਿਖੇਗੀ ਪੱਤਰ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਕੈਨੇਡਾ ਦੇ ਮੈਂਬਰਾਂ ਨੇ ਅੱਜ ਇਕ ਮੁਲਾਕਾਤ ਦੌਰਾਨ ਪੰਜਾਬ ਅੰਦਰ ਪੰਜਾਬੀ ਬੋਲੀ ਪ੍ਰਤੀ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਪੰਜਾਬੀ ਬੋਲੀ ਦੇ ਸਤਿਕਾਰ ਲਈ ਸਰਕਾਰ ਨੂੰ ਉਸ ਦੀ ਜ਼ੁੰਮੇਵਾਰੀ ਪ੍ਰਤੀ ਚੇਤੰਨ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਿਖਿਆ ਜਾਵੇਗਾ। ਉਨ੍ਹਾਂ ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਮੈਂਬਰਾਂ ਨੂੰ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਇਸ ਸਬੰਧੀ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਵੀ ਪੰਜਾਬੀ ਭਾਸ਼ਾ ਪ੍ਰਤੀ ਇਕ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਸੀ।

ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸੂਬੇ ਅੰਦਰ ਹੀ ਪੰਜਾਬੀ ਪ੍ਰਤੀ ਉਦਾਸੀਨਤਾ ਅਪਨਾਈ ਜਾ ਰਹੀ ਹੈ ਅਤੇ ਪੰਜਾਬੀ ਬੋਲੀ ਨੂੰ ਸਰਕਾਰ ਵੱਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵੱਲੋਂ ਜਾਹੋ-ਜਲਾਲ ਨਾਲ ਮਨਾਇਆ ਗਿਆ ਹੈ ਅਤੇ ਇਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਵੱਖ-ਵੱਖ ਗੁਰਮਤਿ ਸਮਾਗਮ ਕੀਤੇ ਗਏ, ਉਥੇ ਹੀ ਸਕੂਲਾਂ/ਕਾਲਜਾਂ ਅੰਦਰ ਵਿਸ਼ੇਸ਼ ਸੈਮੀਨਾਰ ਕਰ ਕੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਪੰਜਾਬੀ ਬੋਲੀ ਵਿਚ ਲੈਕਚਰ ਕਰਵਾਏ ਗਏ। ਪਰੰਤੂ ਦੂਸਰੇ ਪਾਸੇ ਸਰਕਾਰ ਆਪਣੀ ਜ਼ੁੰਮੇਵਾਰੀ ਤੋਂ ਭੱਜਦੀ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਨੂੰ ਪੱਤਰ ਲਿਖ ਕੇ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਅਤੇ ਇਸ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਆਖੇਗੀ। ਇਸ ਮੌਕੇ ਭਾਈ ਲੌਂਗੋਵਾਲ ਨੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਲਈ ਵੱਧ ਤੋਂ ਵੱਧ ਯਤਨ ਕਰਨ। ਇਸ ਨੂੰ ਘਰਾਂ ਅੰਦਰ ਬੋਲ-ਚਾਲ ਵਜੋਂ ਲਾਜ਼ਮੀ ਕੀਤਾ ਜਾਵੇ। ਜੇਕਰ ਸਕੂਲਾਂ ਅੰਦਰ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਕੋਈ ਰੋਕਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇ। ਵਿਆਹਾਂ ਸਮੇਂ ਛਪਵਾਏ ਜਾਂਦੇ ਕਾਰਡ ਪੰਜਾਬੀ ਵਿਚ ਛਪਵਾਏ ਜਾਣ।

ਇਸ ਮੌਕੇ ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰੇ ਵੱਲੋਂ ਰਜਿੰਦਰ ਸਿੰਘ ਢੱਟ, ਹਰਦਿਆਲ ਸਿੰਘ ਗਰਚਾ, ਦਵਿੰਦਰ ਸਿੰਘ ਘਟੋਰਾ, ਹਰਬਖ਼ਸ਼ ਸਿੰਘ ਗਰੇਵਾਲ (ਸਾਰੇ ਕੈਨੇਡਾ ਨਿਵਾਸੀ) ਅਤੇ ਸ੍ਰੀ ਮਿੱਤਰ ਸੈਣ ਮੀਤ ਨੇ ਪੰਜਾਬੀ ਨੂੰ ਉਭਾਰਨ ਸਬੰਧੀ ਭਾਈ ਲੌਂਗੋਵਾਲ ਨਾਲ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਮਨਜੀਤ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ, ਗੁਰਿੰਦਰ ਸਿੰਘ ਮਥੇਰਵਾਲ, ਮੁਖਤਾਰ ਸਿੰਘ, ਰਾਜਿੰਦਰ ਸਿੰਘ ਰੂਬੀ, ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵੱਲੋਂ ਮਹਿੰਦਰ ਸਿੰਘ ਸੇਖੋਂ, ਇੰਦਰਪਾਲ ਸਿੰਘ, ਸੁਖਇੰਦਰਪਾਲ ਸਿੰਘ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

-PTCNews

Related Post