ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

By  Shanker Badra November 10th 2018 06:15 PM

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 15 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ।ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਲ ਸਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 5100 ਰੁਪਏ, ਦੂਸਰੇ ਸਥਾਨ ’ਤੇ ਰਹਿਣ ਵਾਲਿਆਂ ਨੂੰ 4100 ਰੁਪਏ ਅਤੇ ਤੀਜੇ ਸਥਾਨ ਪ੍ਰਾਪਤ ਕਰਤਾ ਨੂੰ 3100 ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ।ਇਸ ਤੋਂ ਇਲਾਵਾ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਮੈਰਿਟ ਵਿਚ ਆਉਣ ਵਾਲੇ ਸਿੱਖਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾਂਦਾ ਹੈ ਅਤੇ ਇਸ ਪ੍ਰੀਖਿਆ ਵਿੱਚੋਂ ਵਜ਼ੀਫ਼ੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਸਾਲ 2017 ਦੀ ਧਾਰਮਿਕ ਪ੍ਰੀਖਿਆ ਵਿਚ ਪੂਰੇ ਭਾਰਤ ਦੇ 650 ਸਕੂਲਾਂ ਕਾਲਜਾਂ ਦੇ ਪੰਜਾਹ ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 658 ਵਿਦਿਆਰਥੀਆਂ ਵੱਲੋਂ ਵਜ਼ੀਫ਼ਾ ਪ੍ਰਾਪਤ ਕੀਤਾ ਗਿਆ।

ਇਸੇ ਸਾਲ ਦੀ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਬਿਹਤਰ ਕਾਰਗੁਜਾਰੀ ਦਿਖਾਉਣ ਵਾਲੇ 15 ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ ਹਨ।ਭਾਈ ਲੌਂਗੋਵਾਲ ਨੇ ਕਿਹਾ ਕਿ ਧਾਰਮਿਕ ਪ੍ਰੀਖਿਆ ਦਾ ਮੰਤਵ ਬੱਚਿਆਂ ਅਤੇ ਨੌਜੁਆਨਾਂ ਨੂੰ ਸਿੱਖੀ ਦੇ ਸਿਧਾਂਤਾਂ ਅਤੇ ਗੁਰਮਤਿ ਸੱਭਿਆਚਾਰ ਨਾਲ ਜੋੜਨਾ ਹੈ।

-PTC News

Related Post