SGPC ਵੱਲੋਂ ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

By  Shanker Badra March 14th 2020 07:21 PM

SGPC ਵੱਲੋਂ ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ 552 ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ ਹੈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ, ਭਾਈ ਜੁਝਾਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਲਖਵਿੰਦਰ ਸਿੰਘ ਤੇ ਭਾਈ ਕਮਲਜੀਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰਮਤਿ ਦੀ ਨਿਰਮਲ ਨਿਰਾਲੀ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ  ਹੈ।

ਅੱਜ ਦੀਆਂ ਮਨੁੱਖੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਗੁਰਬਾਣੀ ’ਤੇ ਅਮਲ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਧਰਮ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਨਾਲ ਆਪ ਜੁੜਨ ਦੇ ਨਾਲ-ਨਾਲ ਬੱਚਿਆਂ ਨੂੰ ਵੀ ਜੋੜਨ ਲਈ ਉਪਰਾਲਾ ਕੀਤਾ ਜਾਵੇ। ਇਸ ਸਮਾਗਮ ਦੌਰਾਨ ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਨੇ ਨਿਭਾਈ।

-PTCNews

Related Post