ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਮੀਟਿੰਗ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ

By  Shanker Badra January 23rd 2021 06:24 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਇਤਿਹਾਸਕ ਡਾਇਰੀ ਅਤੇ ਬੱਚਿਆਂ ਲਈ ਸਚਿੱਤਰ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

ਪੜ੍ਹੋ ਹੋਰ ਖ਼ਬਰਾਂ : 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਨਵੀਆਂ ਖੋਜ ਭਰਪੂਰ ਕਿਤਾਬਾਂ ਵੀ ਛਾਪੀਆਂ ਜਾਣਗੀਆਂ। ਖਾਸਕਰ ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ।

ਇਸ ਤੋਂ ਇਲਾਵਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ। ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ।

ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ।

-PTCNews

Related Post