550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

By  Jashan A April 29th 2019 04:46 PM

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ,ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ (ਹਿਮਾਚਲ ਪ੍ਰਦੇਸ਼) ਵਿਖੇ 27-28 ਅਪ੍ਰੈਲ 2019 ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਦੀ ਅਗਵਾਈ ਕਰਦੀ ਹੈ, ਜਿਸ ’ਤੇ ਚੱਲ ਕੇ ਜੀਵਨ ਨੂੰ ਸੁਖਦਾਈ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਵੱਖ ਵੱਖ ਸੂਬਿਆਂ ਵਿਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਸੰਗਤ ਨੂੰ ਨਵੰਬਰ 2019 ਵਿਚ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

ਹੋਰ ਪੜ੍ਹੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਮੁੱਖ ਉਦੇਸ਼-ਭਾਈ ਲੌਂਗੋਵਾਲ

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਇਤਿਹਾਸ ਸਾਂਝਾ ਕੀਤਾ। ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਦੀਪ ਸਿੰਘ, ਭਾਈ ਪਰਮਜੀਤ ਸਿੰਘ ਨੇ ਵੀ ਹਾਜ਼ਰੀ ਭਰੀ।

ਹੋਰ ਪੜ੍ਹੋ:ਬੈਂਕਾਕ : ਸਿੱਖ ਵੀਰਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਕੀਤੀ ਛਬੀਲ ਦੀ ਸੇਵਾ, ਸਿੱਖ ਇਤਿਹਾਸ ਤੋਂ ਕਰਵਾਇਆ ਲੋਕਾਂ ਨੂੰ ਜਾਣੂ

ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਸਿੱਖਿਆ ਮੰਤਰੀ ਸੁਰੇਸ਼ ਭਾਰਦਵਾਜ, ਵਿਧਾਇਕ ਸੁਰੇਸ਼ ਕਸ਼ਯਪ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਮੀਤ ਪ੍ਰਧਾਨ ਰਾਜਿੰਦਰ ਸਿੰਘ, ਜਨਰਲ ਸਕੱਤਰ ਸੇਵਾ ਸਿੰਘ, ਸਕੱਤਰ ਅਮਰਬੀਰ ਸਿੰਘ ਤੋਂ ਇਲਾਵਾ ਗੁਰਸ਼ਰਨ ਸਿੰਘ, ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਜੀਤ ਸਿੰਘ, ਰਾਗੀ ਭਾਈ ਸੁਖਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

-PTC News

Related Post