ਕੇਂਦਰੀ ਸਿੱਖ ਅਜਾਇਬ ਘਰ ਵਿਖੇ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ

By  Joshi November 16th 2017 06:03 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸਥਾਪਤ ਕੀਤੀਆਂ ਗਈਆਂ। ਇਨ੍ਹਾਂ ਵਿਚ ਅਕਾਲੀ ਲਹਿਰ ਦੇ ਆਗੂ ਅਤੇ ਮਾਲਵਾ ਦਾ ਇਤਿਹਾਸ ਲਿਖਣ ਵਾਲੇ ਬਾਬਾ ਵਿਸਾਖਾ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਖਸ਼ੀਸ਼ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ ਪ੍ਰਸਾਰ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਬੀਬੀ ਜਸਬੀਰ ਕੌਰ ਖਾਲਸਾ ਅਤੇ ਗੁਰਦੁਆਰਾ ਸਿੱਖ ਟੈਂਪਲ ਮਿਲਵਾਕੀ ਅਮਰੀਕਾ ਵਿਖੇ ਹਮਲੇ ਦੌਰਾਨ ਸੰਗਤਾਂ ਨੂੰ ਬਚਾਉਣ ਲਈ ਸ਼ਹੀਦ ਹੋਏ ਭਾਈ ਸਤਵੰਤ ਸਿੰਘ ਕਾਲੇਕਾ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਭਾਈ ਸੁਖਬੀਰ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨ ਗੁਰਬਚਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਗਤਾਂ ਨੂੰ ਕੌਮੀ ਸ਼ਖਸੀਅਤਾਂ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੌਮ ਦੇ ਵਿਕਾਸ ਲਈ ਪਾਏ ਯੋਗਦਾਨ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਕੇਂਦਰੀ ਸਿੱਖ ਅਜਾਇਬ ਘਰ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਕਿਹਾ ਕਿ ਇਥੇ ਸੁਸ਼ੋਭਿਤ ਇਤਿਹਾਸਕ ਅਤੇ ਕੌਮੀ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੌਮ ਦੀ ਨੌਜੁਆਨੀ ਲਈ ਪ੍ਰੇਰਨਾ ਸ੍ਰੋਤ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦੇ ਇਤਿਹਾਸ ਤੇ ਵਿਰਾਸਤ ਨੂੰ ਆਪਣੇ ਅੰਦਰ ਸਮੋਈ ਬੈਠਾ ਹੈ। ਇਥੇ ਸਿੱਖ ਕੌਮ ਦਾ ਸਿਰ ਉੱਚਾ ਚੁੱਕਣ ਵਾਲੀਆਂ ਗੁਰਮਤਿ ਨੂੰ ਪ੍ਰਣਾਈਆਂ ਹੋਈਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਪ੍ਰੇਰਣਾ ਪ੍ਰਾਪਤ ਕਰ ਸਕਣ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਵਿਸਾਖਾ ਸਿੰਘ, ਭਾਈ ਬਖਸ਼ੀਸ਼ ਸਿੰਘ, ਬੀਬੀ ਜਸਬੀਰ ਕੌਰ ਖਾਲਸਾ ਅਤੇ ਭਾਈ ਸਤਵੰਤ ਸਿੰਘ ਕਾਲੇਕਾ ਦੇ ਜੀਵਨ ਤੇ ਉਨ੍ਹਾਂ ਦੀ ਦੇਣ ਸਬੰਧੀ ਸੰਖੇਪ ਵਿਚ ਚਾਨਣਾ ਵੀ ਪਾਇਆ। —PTC News

Related Post