ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ

By  Shanker Badra June 7th 2018 03:09 PM

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ,ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਅਲੌਕਿਕ ਜਲੌ ਸਜਾਏ ਗਏ।

ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਸਮੇਂ ਭਾਈ ਗੁਰਕੀਰਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।ਅਰਦਾਸ ਭਾਈ ਜਤਿੰਦਰ ਸਿੰਘ ਨੇ ਕੀਤੀ ਅਤੇ ਗੁਰਬਾਣੀ ਦਾ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਲਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖ ਧਰਮ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਅਤੇ ਸੱਚੇ ਤਖ਼ਤ ਦੀ ਸਥਾਪਨਾ ਕਰਕੇ ਸਮੇਂ ਦੀ ਹਕੂਮਤ ਨੂੰ ਵੰਗਾਰਿਆ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੇਂ ਦੀ ਲੋੜ ਅਨੁਸਾਰ ਸੰਗਤਾਂ ਨੂੰ ਸ਼ਾਸਤਰ ਦੇ ਨਾਲ-ਨਾਲ ਸ਼ਸਤਰ ਵਿਚ ਵੀ ਨਿਪੁੰਨ ਹੋਣ ਦਾ ਆਦੇਸ਼ ਕੀਤਾ ਅਤੇ ਸਿੱਖਾਂ ਨੂੰ ਸਿੱਖਾਂ ਸ਼ਸਤਰ ਕਲਾ ਨਾਲ ਜੋੜਿਆ।ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਚਲਦਿਆਂ ਜੁਲਮ ਖਿਲਾਫ ਡਟਣ ਦੀ ਪ੍ਰੇਰਨਾ ਕੀਤੀ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਬਚਨ ਸਿੰਘ ਲੇਹਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਐਡੀ: ਮੈਨੇਜਰ ਲਖਬੀਰ ਸਿੰਘ,ਸੁਖਰਾਜ ਸਿੰਘ,ਸਤਨਾਮ ਸਿੰਘ,ਰਾਜਿੰਦਰ ਸਿੰਘ ਰੂਬੀ,ਲਖਵਿੰਦਰ ਸਿੰਘ ਬੱਦੋਵਾਲ,ਮੀਤ ਮੈਨੇਜਰ ਗੁਰਪ੍ਰੀਤ ਸਿੰਘ,ਜਗਤਾਰ ਸਿੰਘ ਸ਼ਹੂਰਾ,ਭੁਪਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ।ਛੇਵੇਂ ਪਾਤਸ਼ਾਹ ਜੀ ਦੀ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਕੀਤੀ ਗਈ ਹੈ ਅਤੇ ਅੱਜ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ।

-PTCNews

Related Post