SGPC ਵੱਲੋਂ ਵਾਤਾਵਰਨ ਦੀ ਸੰਭਾਲ ਲਈ ਯਤਨ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਨਵੇਂ ਹੋਰ ਬੂਟੇ

By  Shanker Badra February 19th 2020 05:46 PM

SGPC ਵੱਲੋਂ ਵਾਤਾਵਰਨ ਦੀ ਸੰਭਾਲ ਲਈ ਯਤਨ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਨਵੇਂ ਹੋਰ ਬੂਟੇ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਤਾਵਰਨ ਦੀ ਸਾਂਭ ਸੰਭਾਲ ਲਈ ਲਗਾਤਾਰ ਯਤਨ ਕਰ ਰਹੀ ਹੈ। ਜਿਸ ਤਹਿਤ ਵੱਖ-ਵੱਖ ਗੁਰਦੁਆਰਿਆਂ ਅੰਦਰ ਵੱਡੀ ਪੱਧਰ ’ਤੇ ਰਵਾਇਤੀ ਅਤੇ ਹਰਿਆਵਲ ਭਰਪੂਰ ਬੂਟੇ ਲਗਾਉਣ ਦਾ ਕਾਰਜ ਲਗਾਤਾਰ ਜਾਰੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਸਮੇਤ ਇਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਬੀਤੇ ਸਮੇਂ ਅੰਦਰ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਅਤੇ ਬਰਾਂਡਿਆਂ ਦੀਆਂ ਛੱਤਾਂ ਉੱਪਰ ਬੂਟੇ ਲਗਾਏ ਗਏ ਸਨ। ਇਸ ਦੀ ਸਾਂਭ-ਸੰਭਾਲ ਦਾ ਕਾਰਜ ਵਾਤਾਵਰਨ ਮਾਹਿਰਾਂ ਦੀ ਰਾਇ ਅਨੁਸਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਕਰਮਾ ਅੰਦਰ ਅੱਜ ਖਾਸ ਕਿਸਮ ਦੇ ਅੰਬ ਅਤੇ ਕੁੰਦੀ ਦੇ ਹੋਰ ਬੂਟੇ ਲਗਾ ਦਿੱਤੇ ਗਏ ਹਨ। ਵਾਤਾਵਰਨ ਦੀ ਸ਼ੁੱਧਤਾ ਲਈ ਕਾਰਜ ਕਰ ਰਹੇ ਸਵਾਮੀ ਹੁਸ਼ਿਆਰਪੁਰ ਵਾਲਿਆਂ ਨੇ ਅੰਬਾਂ ਦੇ 21 ਬੂਟੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੇ ਹਨ।

ਇਨ੍ਹਾਂ ਵਿੱਚੋਂ ਕੁਝ ਬੂਟੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰੂ ਕਾ ਬਾਗ ਅੰਦਰ ਵੀ ਲਗਾਏ ਗਏ ਹਨ। ਇਸੇ ਤਹਿਤ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਵਿਖੇ 125 ਬੂਟੇ ਲਗਾਏ ਜਾ ਚੁੱਕੇ ਹਨ। ਇਸੇ ਤਰ੍ਹਾਂ ਹੋਰਨਾਂ ਗੁਰਦੁਆਰਾ ਸਾਹਿਬਾਨ ਅੰਦਰ ਵੀ ਬੂਟੇ ਲਗਾਉਣ ਦੀ ਵਿਉਂਤਬੰਦੀ ਕੀਤੀ ਜਾਵੇਗੀ।

-PTCNews

Related Post