ਇੰਦੌਰ ਦੇ ਗੁਰਦੁਆਰਾ ਸਾਹਿਬ 'ਚ ਤਿਰੰਗਾ ਲਹਿਰਾਉਣ ਦਾ ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ

By  Jasmeet Singh August 14th 2022 06:28 PM -- Updated: August 14th 2022 06:31 PM

ਇੰਦੌਰ, 14 ਅਗਸਤ: ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ 'ਚ ਤਿਰੰਗਾ ਲਹਿਰਾਉਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਹਰ ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਇਮਲੀ ਸਾਹਿਬ ਦੀ ਛੱਤ 'ਤੇ ਤਿਰੰਗੇ ਝੰਡੇ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਧਾਮੀ ਅਨੁਸਾਰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਇੱਕ ਪ੍ਰਸਿੱਧ ਗੁਰਦੁਆਰਾ ਇਮਲੀ ਸਾਹਿਬ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਇਮਲੀ ਸਾਹਿਬ ਵਿਖੇ ਲਹਿਰਾਏ ਜਾ ਰਹੇ ਤਿਰੰਗੇ ਦੀ ਤਸਵੀਰ ਸਾਹਮਣੇ ਆਈ ਹੈ। ਉਨ੍ਹਾਂ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇਸ ਸਤਿਕਾਰਯੋਗ ਗੁਰਦੁਆਰਾ ਸਾਹਿਬ ਵਿੱਚ ਸਿਰਫ਼ ਖਾਲਸੇ ਦੇ ਨਿਸ਼ਾਨ ਸਾਹਿਬ ਨੂੰ ਹੀ ਲਹਿਰਾਉਣ ਦੀ ਇਜਾਜ਼ਤ ਹੈ। ਸ਼੍ਰੋਮਣੀ ਕਮੇਟੀ ਦੇ ਮੁਖੀ ਧਾਮੀ ਅਨੁਸਾਰ ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ ਜਿਸ ਨੇ ਵੀ ਇਹ ਗਲਤੀ ਕੀਤੀ, ਜ਼ਿੰਮੇਵਾਰ ਹੈ। ਉਨ੍ਹਾਂ ਤੁਰੰਤ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ। ਐਸਜੀਪੀਸੀ ਦੇ ਅਧਿਕਾਰਿਤ ਹੈਂਡਲ 'ਤੇ ਟਵੀਟ ਕਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਕਿਹਾ, "ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਆਇਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ, ਜਿਸਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਰਯਾਦਾ ਅਨੁਸਾਰ ਕੇਵਲ ਖ਼ਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। ਇਸ ਘਟਨਾ ਲਈ ਗੁਰਦੁਆਰਾ ਪ੍ਰਬੰਧਕ ਜਾਂ ਪ੍ਰਸ਼ਾਸਨ, ਜਿਸ ਕਿਸੇ ਨੇ ਵੀ ਇਹ ਗਲਤੀ ਕੀਤੀ ਹੈ ਉਹ ਜਿੰਮੇਵਾਰ ਹਨ। ਇਸ ਘਟਨਾ ਦੀ ਅਸੀਂ ਤੁਰੰਤ ਪੜਤਾਲ ਕਰਵਾ ਰਹੇ ਹਾਂ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ। -PTC News

Related Post