ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਖੋਲ੍ਹਿਆ ਜਾਵੇਗਾ ਸਿੱਖ ਮਿਸ਼ਨ : ਬੀਬੀ ਜਗੀਰ ਕੌਰ

By  Shanker Badra January 22nd 2021 06:04 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਇਲਾਕੇ ਅੰਦਰ ਧਰਮ ਪ੍ਰਚਾਰ ਲਈ ਕਾਰਜਸ਼ੀਲ ਰਹਿਣਗੇ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਹਾਰ ਦੇ ਸਾਸਾਰਾਮ ’ਚ ਗੁਰਦੁਆਰਾ ਟਕਸਾਲ ਸੰਗਤ ਵਿਖੇ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਬੀਬੀ ਜਗੀਰ ਕੌਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਬਿਹਾਰ ਪੁੱਜੇ ਹੋਏ ਹਨ।

ਪੜ੍ਹੋ ਹੋਰ ਖ਼ਬਰਾਂ : ਅੱਜ ਦੀ ਮੀਟਿੰਗ ਵੀ ਰਹੀ ਬੇਸਿੱਟਾ, ਸਰਕਾਰ ਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਫਸਿਆ ਪੇਚ

ਇਸੇ ਦੌਰਾਨ ਉਨ੍ਹਾਂ ਨੇ ਸਾਸਾਰਾਮ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਗਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਸਥਾਪਿਤ ਕੀਤਾ ਜਾਵੇਗਾ, ਜਿਥੋਂ ਪ੍ਰਚਾਰਕ ਜਥੇ ਸੂਬੇ ਅੰਦਰ ਪ੍ਰਚਾਰ ਕਰਨ ਲਈ ਜਾਣਗੇ। ਉਨ੍ਹਾਂ ਕਿਹਾ ਕਿ ਸਾਸਾਰਾਮ ਵਿਖੇ ਗੁਰਦੁਆਰਾ ਸਾਹਿਬਾਨ ਅੰਦਰ ਬੱਚਿਆਂ ਨੂੰ ਪੰਜਾਬੀ ਸਿਖਾਉਣ ਅਤੇ ਗੁਰਬਾਣੀ ਸੰਥਿਆ ਲਈ ਸਿੱਖ ਮਿਸ਼ਨ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਪ੍ਰਚਾਰਕ ਭੇਜੇ ਜਾਣਗੇ।

ਦੱਸਣਯੋਗ ਹੈ ਕਿ ਸਾਸਾਰਾਮ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਚਾਰ ਗੁਰਦੁਆਰਾ ਸਾਹਿਬ ਮੌਜੂਦ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਇਥੇ ਕਰਵਾਇਆ ਜਾਵੇਗਾ। ਇਹ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਚਾਰੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਸਾਂਝੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਹੋਵੇਗਾ।

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਟਕਸਾਲ ਸੰਗਤ ਲਈ 5 ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਦੀ ਪ੍ਰੇਰਣਾ ਕੀਤੀ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

-PTCNews

Related Post