ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ, ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਲਈ ਰਵਾਨਾ

By  Jashan A February 24th 2019 05:47 PM

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ, ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਲਈ ਰਵਾਨਾ,ਅੰਮ੍ਰਿਤਸਰ: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਸੈਕਟਰ 34, ਚੰਡੀਗੜ੍ਹ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਲੇਰ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।

ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸ. ਨਿਰਮੈਲ ਸਿੰਘ ਜੌਲਾਂ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।

ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਨਿਰਮੈਲ ਸਿੰਘ ਜੌਲਾਂ, ਸ. ਭਾਗ ਸਿੰਘ ਮੈਨੇਜਰ ਆਦਿ ਮੌਜੂਦ ਸਨ।

ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਗਿਆਨੀ ਦਲੇਰ ਸਿੰਘ, ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁ: ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

-PTC News

Related Post