ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

By  Riya Bawa December 4th 2021 06:07 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਸਿਰਮਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਲਿਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਹਿਮਦ ਸ਼ਾਹ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਧਰਮ ਅਸਥਾਨਾਂ ਦੀ ਰਾਖੀ ਲਈ ਬਾਬਾ ਗੁਰਬਖਸ਼ ਸਿੰਘ ਜੀ ਦੁਆਰਾ ਕੀਤੀ ਗਈ ਸ਼ਹਾਦਤ ਤੋਂ ਸੰਗਤਾਂ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ।

-PTC News

Related Post