ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧੇ ਨੂੰ ਮਿਲੀ ਪ੍ਰਵਾਨਗੀ

By  Riya Bawa October 19th 2021 05:06 PM -- Updated: October 19th 2021 05:10 PM

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ, ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕੋਰੋਨਾ ਦੌਰਾਨ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।

ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਅਜਮੇਰ ਸਿੰਘ ਖੇੜਾ, ਨਵਤੇਜ ਸਿੰਘ ਕਾਉਣੀ, ਬੀਬੀ ਮਲਕੀਤ ਕੌਰ ਕਮਾਲਪੁਰ, ਹਰਭਜਨ ਸਿੰਘ ਮਸਾਣਾਂ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ  ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਨਿਰਵੈਲ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।

-PTC News

Related Post