ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ

By  Riya Bawa November 18th 2021 04:41 PM -- Updated: November 18th 2021 04:42 PM

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਮੁਲਾਕਾਤ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਇਸ ਬੈਠਕ ਵਿਚ ਸਿੱਖ ਵਿਦਵਾਨ ਸਿਮਰਜੀਤ ਸਿੰਘ ਕੰਗ, ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਡਾ. ਸੁਖਬੀਰ ਸਿੰਘ, ਡਾ. ਜੋਗੇਸ਼ਵਰ ਸਿੰਘ ਸਮੇਤ ਅੰਮ੍ਰਿਤਸਰ ਦੇ ਐਸਡੀਐਮ ਬੈਨਿਤ ਮੌਜੂਦ ਸਨ। ਇਸ ਮੌਕੇ ਗੋਵਿੰਦ ਮੋਹਨ ਨੇ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਵੇਂ ਪਾਤਸ਼ਾਹ ਜੀ ਨੂੰ ਸਮਰਪਿਤ ਉਲੀਕੀਆਂ ਯੋਜਨਾਵਾਂ ਤੋਂ ਬੀਬੀ ਜਗੀਰ ਕੌਰ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪ੍ਰਕਾਸ਼ ਪੁਰਬ ਸਤਾਬਦੀ ਨੂੰ ਲੈ ਕੇ ਜੋ ਵੀ ਸਮਾਗਮ ਕਰਨਾ ਚਾਹੁੰਦੀ ਹੈ ਜਾਂ ਯਾਦਗਾਰਾਂ ਬਣਾਉਣੀਆਂ ਚਾਹੁੰਦੀ ਹੈ, ਉਹ ਸ਼੍ਰੋਮਣੀ ਕਮੇਟੀ ਦੇ ਸੁਝਾਅ ਅਨੁਸਾਰ ਹੀ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਉਲੀਕੇ ਹਰ ਤਰ੍ਹਾਂ ਦੇ ਸਮਾਗਮ ਵਿਚ ਭਰਵਾਂ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਨੂੰ ਲੈ ਕੇ ਜਲਦ ਹੀ ਇਕ ਕਮੇਟੀ ਸਥਾਪਤ ਕੀਤੀ ਜਾਵੇਗੀ, ਜੋ ਭਾਰਤ ਸਰਕਾਰ ਨਾਲ ਰਾਬਤਾ ਬਣਾਈ ਰੱਖੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਵਿਚਾਰਧਾਰਾ ਵਿਸ਼ਵ ਸ਼ਾਂਤੀ ਨੂੰ ਉਭਾਰਨ ਵਾਲੀ ਅਤੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਵਾਲੀ ਹੈ। ਇਸ ਕਰਕੇ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੂਲ ਵਿਚਾਰ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ’ਤੇ ਕੇਂਦਰਤ ਹੋਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰਗੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਜੋ ਵੀ ਕਾਰਜ ਕੀਤੇ ਜਾਣਗੇ ਉਸ ਵਿਚ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗੀ ਬਣੀ ਰਹੇਗੀ। ਇਸੇ ਦੌਰਾਨ ਭਾਰਤ ਸਰਕਾਰ ਦੇ ਅਧਿਕਾਰੀਆਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਨਮਾਨ ਕੀਤਾ ਗਿਆ। -PTC News

Related Post