ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਯਾਦ

By  Shanker Badra May 22nd 2020 03:38 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਕੀਤਾ ਯਾਦ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮਿਸਲ ਸ਼ਹੀਦਾਂ ਤਰਨਾ ਦਲ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਦੌਰਾਨ ਸੰਬੋਧਨ ਕਰਦਿਆਂ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹਰ ਸਾਲ ਸਮਾਗਮ ਕਰਵਾਉਣ ਦੇ ਫੈਸਲੇ ਨੂੰ ਸ਼ਲਾਘਾਯੋਗ ਕਿਹਾ। ਉਨ੍ਹਾਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜੋ ਇਸ ਸਾਕੇ ਦੌਰਾਨ ਜ਼ਖਮੀ ਹੋਏ ਸਨ ਦੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 22 ਮਈ 1964 ਨੂੰ ਮਹੰਤਾਂ ਪਾਸੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਅਜ਼ਾਦ ਕਰਵਾ ਕੇ ਇਸ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਸੌਂਪਣ ਦਾ ਫੈਸਲਾ ਵੀ ਆਪਣੇ ਆਪ ਵਿਚ ਅਹਿਮ ਹੈ। ਇਸ ਨਾਲ ਕੌਮੀ ਇਕਜੁੱਟਤਾ ਅਤੇ ਇਕਸਾਰਤਾ ਵਿਚ ਹੋਰ ਵਾਧਾ ਹੋਇਆ।

-PTCNews

Related Post