ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਤਿਆਰੀ ਸਬੰਧੀ ਹੋਈ ਇਕੱਤਰਤਾ

By  Joshi April 16th 2018 05:23 PM -- Updated: April 16th 2018 05:26 PM

ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਮਾਗਮਾਂ ਦੀ ਤਿਆਰੀ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ੨੨ ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੱਕ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸ਼ਾਮਲ ਹੋਏ।

ਇਕੱਤਰਤਾ ਦੌਰਾਨ ਜਿਥੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਨਗਰ ਕੀਰਤਨ ਨੂੰ ਯਾਦਗਾਰੀ ਬਣਾਉਣ ਲਈ ਸੁਝਾਅ ਦਿੱਤੇ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਗਰ ਕੀਰਤਨ ਦੇ ਰੂਟ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਨਿਰਦੇਸ਼ ਦਿੱਤੇ। ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸੁਝਾਅ 'ਤੇ ਮੁੱਖ ਸਕੱਤਰ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਕਿਹਾ ਕਿ ਨਗਰ ਕੀਰਤਨ ਦੌਰਾਨ ਸੰਗਤ ਲਈ ਲੰਗਰ ਆਦਿ ਦੀ ਸੇਵਾ ਤੋਂ ਬਾਅਦ ਵਰਤੀਆਂ ਹੋਈਆਂ ਡਿਪੋਜਲ ਪਲੇਟਾਂ, ਗਲਾਸ ਆਦਿ ਨੂੰ ਸੜਕਾਂ ਤੋਂ ਚੁੱਕਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਰਹਿਣੀ ਚਾਹੀਦੀ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸੰਗਤਾਂ ਸ਼ਾਮਲ ਹੋਣ।

sikh-jarnail-jassa-singh-ahluwalia-teeji-shtabadiਸ਼ਤਾਬਦੀ ਦੇ ਸਮਾਗਮ ਸਬੰਧੀ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਹੋਰ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਿਥੇ ੨੨ ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਉਥੇ ਹੀ ੨੧ ਅਪ੍ਰੈਲ ਦੀ ਸ਼ਾਮ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰਾਤ ਦੇ ਹਰ ਪੜਾਅ 'ਤੇ ਗੁਰਮਤਿ ਸਮਾਗਮ ਹੋਣਗੇ ਅਤੇ ਨਗਰ ਕੀਰਤਨ ਦੇ ਨਾਲ ਗੁਰੂ ਸਾਹਿਬਾਨ ਦੇ ਪਾਵਨ ਸ਼ਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਹੋਵੇਗੀ।

—PTC News

Related Post