ਮਨਜਿੰਦਰ ਸਿੰਘ ਸਿਰਸਾ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਜਵਾਬੀ ਹਮਲਾ

By  Jashan A September 8th 2019 04:35 PM -- Updated: September 8th 2019 05:19 PM

ਮਨਜਿੰਦਰ ਸਿੰਘ ਸਿਰਸਾ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਜਵਾਬੀ ਹਮਲਾ

ਇਤਿਹਾਸ ਗੁਰਦੁਆਰਾ ਬੇਰ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਸਰਕਾਰ ਦੇ ਕਹਿਣ 'ਤੇ ਰੋਕੇ ਨਹੀਂ ਜਾ ਸਕਦੇ : ਸਿਰਸਾ

ਮੁੱਖ ਮੰਤਰੀ ਨੂੰ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਦੱਸੇ ਮੀਰੀ ਪੀਰੀ ਦੇ ਸਿਧਾਂਤ 'ਤੇ ਚੱਲਣ ਦੀ ਕੀਤੀ ਅਪੀਲ

ਚੰਡੀਗੜ:ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝਾ ਸਮਾਗਮ ਆਯੋਜਿਤ ਕਰਨ ਲਈ ਯਤਨ ਨਾ ਕਰਨ ਦਾ ਠੀਕਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਸਿਰ ਭੰਨਣ ਦੇ ਯਤਨ ਦਾ ਠੋਕਵਾਂ ਜਵਾਬ ਦਿੱਤਾ ਅਤੇ ਆਖਿਆ ਕਿ ਅਸਲੀਅਤ ਇਹ ਹੈ ਕਿ ਅਮਰਿੰਦਰ ਸਿੰਘ ਤੇ ਉਹਨਾਂ ਦੀ ਜੁੰਡਲੀ ਇਸ ਪਵਿੱਤਰ ਤੇ ਇਤਿਹਾਸ ਮੌਕੇ 'ਤੇ ਗੁਰਦੁਆਰਾ ਬੇਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਨੂੰ ਰੋਕਣਾ ਚਾਹੁੰਦੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਾਰ ਵਾਰ ਅਪੀਲ ਕਰਨ, ਲਿਖਤੀ ਚਿੱਠੀਆਂ ਭੇਜਣ ਅਤੇ ਖੁਦ ਨਿੱਜੀ ਤੌਰ 'ਤੇ ਮੁਲਾਕਾਤ ਕਰਨ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਮੈਂਬਰਾਂ ਦੇ ਨਾਮ ਨਹੀਂ ਭੇਜੇ ਅਤੇ ਚੁੱਪੀ ਧਾਰ ਕੇ ਰੱਖੀ।

ਉਹਨਾਂ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ ਹੈ ਜਿਸ ਅਨੁਸਾਰ ਪੀਰੀ ਅਧਿਆਤਮਕ ਤੇ ਰੂਹਾਨੀ ਸ਼ਕਤੀ ਹੋਣ ਦੇ ਨਾਅਤੇ ਸਰਵ ਉਚ ਹੈ। ਉਹਨਾਂ ਕਿਹਾ ਕਿ ਮੀਰੀ ਕਦੇ ਵੀ ਪੀਰੀ 'ਤੇ ਹੁਕਮ ਨਹੀਂ ਚਲਾ ਸਕਦੀ ਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਪੀਰੀ ਦਾ ਪ੍ਰਤੀਕ ਹਨ। ਉਹਨਾਂ ਕਿਹਾ ਕਿ ਸਿੱਖ ਸੰਸਥਾਵਾਂ ਨੇ ਇਸ ਅਨੁਸਾਰ ਹੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਗਮਾਂ ਦੀ ਯੋਜਨਾ ਉਲੀਕੀ ਹੈ ਤੇ ਇਕ ਸਿੱਖ ਮੁੱਖ ਮੰਤਰੀ ਹੋਣ ਦੇ ਨਾਅਤੇ ਉਹਨਾਂ ਨੂੰ ਮੀਰੀ ਪੀਰੀ ਦੇ ਸਿਧਾਂਤ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਅਜਿਹੀ ਗਲਤ ਪਿਰਤ ਨਾ ਪਾਉਣ ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵ ਉਚਤਾ ਨੂੰ ਚੁਣੌਤੀ ਮਿਲਦੀ ਹੋਵੇ। ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੀ ਸਿਆਸੀ ਸ਼ਕਤੀ ਦੀ ਵਰਤੋਂ ਕਰ ਕੇ ਇਸ ਪਵਿੱਤਰ ਮੌਕੇ 'ਤੇ ਕਾਂਗਰਸ ਦੇ ਸਮਾਗਮ ਆਯੋਜਿਤ ਨਾ ਕਰਨ ਕਿਉਂਕਿ ਅਜਿਹਾ ਕਰਨ ਨਾਲ ਸਮੁੱਚੇ ਵਿਸ਼ਵ ਭਰ ਵਿਚ ਬੈਠੇ ਸਿੱਖ ਭਾਈਚਾਰੇ ਵਿਚ ਗਲਤ ਸੰਦੇਸ਼ ਜਾਵੇਗਾ।

ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੀ ਜੁੰਡਲੀ ਵਿਸ਼ੇਸ਼ ਤੌਰ 'ਤੇ ਪਰਮਜੀਤ ਸਿੰਘ ਸਰਨਾ ਦੀਆਂ ਗਤੀਵਿਧੀਆਂ ਤੋਂ ਜਾਪਦਾ ਹੈ ਕਿ ਕਾਂਗਰਸ ਪਾਰਟੀ ਦਾ ਏਜੰਡਾ ਹੈ ਕਿ ਇਹਨਾਂ ਸਮਾਗਮਾਂ ਦੇ ਆਯੋਜਨ ਦੇ ਮਾਮਲੇ 'ਤੇ ਸਿੱਖ ਸੰਗਤ ਨੂੰ ਵੰਡ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਪਰਮਜੀਤ ਸਿੰਘ ਸਰਨਾ ਦਿੱਲੀ ਕਮੇਟੀ ਵੱਲੋਂ ਪਾਕਿਸਤਾਨ ਨਗਰ ਕੀਰਤਨ ਲਿਜਾਉਣ ਤੋਂ ਰੋਕਣ ਲਈ ਬਜਿੱਦ ਹਨ ਅਤੇ ਹੁਣ ਮੁੱਖ ਮੰਤਰੀ ਨੇ ਸਰਕਾਰੀ ਸਮਾਗਮਾਂ ਦਾ ਨਾਂ ਦੇ ਕੇ ਕਾਂਗਰਸ ਦੇ ਸਮਾਗਮ ਆਯੋਜਿਤ ਕਰਨ ਦੀ ਤਜਵੀਜ਼ ਰੱਖ ਦਿੱਤੀ ਹੈ।

ਉਹਨਾਂ ਨੇ ਮੁੱਖ ਮੰਤਰੀ ਨੂੰ ਫਿਰ ਅਪੀਲ ਕੀਤੀ ਕਿ ਉਹ ਸਿਆਸੀ ਲੀਹਾਂ ਤੋਂ ਉਪਰ ਉਠ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਦੋ ਅਧਿਕਾਰੀ ਨਾਮਜ਼ਦ ਕਰਨ ਅਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਸਮਾਗਮਾਂ ਦੇ ਸਫਲ ਆਯੋਜਨ ਲਈ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੂੰ ਸਹਿਯੋਗ ਦੇਣ।

-PTC News

Related Post