ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਨੂੰ ਸ਼੍ਰੋਮਣੀ ਰਾਗੀ ਅਤੇ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦੀ ਉਪਾਧੀ

By  Joshi November 28th 2017 04:06 PM

ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਤੇ ਬਾਬਾ ਬਲਬੀਰ ਸਿੰਘ ਦੀਆਂ ਸੇਵਾਵਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ: ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅੱਜ ਪੰਥਕ ਸੇਵਾਵਾਂ ਨਿਭਾਉਣ ਲਈ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਨੂੰ 'ਸ਼੍ਰੋਮਣੀ ਰਾਗੀ' ਅਤੇ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੂੰ 'ਸ਼੍ਰੋਮਣੀ ਸੇਵਾ ਰਤਨ' ਦੀ ਉਪਾਧੀ ਨਾਲ ਸਨਮਾਨਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੇਣ ਦਾ ਫੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਲਿਆ ਗਿਆ ਸੀ, ਜਿਸ ਤਹਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਆਯੋਜਤ ਕਰਕੇ ਉਨ੍ਹਾਂ ਨੂੰ ਇਹ ਸਨਮਾਨ ਦਿੱਤੇ ਗਏ। ਇਸ ਮੌਕੇ ਗੁਰਬਾਣੀ ਕੀਰਤਨ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਬਾਅਦ ਪੁਰਾਤਨ ਪਰੰਪਰਾ ਅਨੁਸਾਰ ਭਾਈ ਜਸਵੰਤ ਸਿੰਘ ਤੇ ਬਾਬਾ ਬਲਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਭਾਗ ਸਿੰਘ ਵੱਲੋਂ ਇਹ ਸਨਮਾਨ ਦਿੱਤੇ ਗਏ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਨੂੰ ਸ਼੍ਰੋਮਣੀ ਰਾਗੀ ਅਤੇ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦੀ ਉਪਾਧੀਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜਿਨ੍ਹਾਂ ਨੇ ਸਿੱਖ ਪੰਥ ਨੂੰ ਕੋਈ ਖਾਸ ਦੇਣ ਦਿੱਤੀ ਹੋਵੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨ ਦੇਣ ਦੀ ਰਵਾਇਤ ਹੈ ਅਤੇ ਇਸੇ ਤਹਿਤ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਨੂੰ ਸ਼੍ਰੋਮਣੀ ਰਾਗੀ ਅਤੇ ਸਿੱਖ ਕੌਮ ਅੰਦਰ ਸਤਿਕਾਰਤ ਸਥਾਨ ਰੱਖਣ ਵਾਲੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦੀ ਉਪਾਧੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੰਜ ਸਿੰਘ ਸਾਹਿਬਾਨ ਵੱਲੋਂ ਇਕੱਤਰਤਾ ਦੌਰਾਨ ਲਏ ਗਏ ਫੈਸਲੇ ਅਨੁਸਾਰ ਦਿੱਤੇ ਗਏ ਹਨ। ਸਿੰਘ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਇਹ ਦੋਵੇਂ ਸ਼ਖਸੀਅਤਾਂ ਕੌਮ ਦੀ ਚੜ੍ਹਦੀ ਕਲਾ ਲਈ ਇਸੇ ਤਰ੍ਹਾਂ ਯਤਨਸ਼ੀਲ ਰਹਿਣ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਨੂੰ ਸ਼੍ਰੋਮਣੀ ਰਾਗੀ ਅਤੇ ਬਾਬਾ ਬਲਬੀਰ ਸਿੰਘ ਨੂੰ ਸ਼੍ਰੋਮਣੀ ਸੇਵਾ ਰਤਨ ਦੀ ਉਪਾਧੀਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਜਿਥੇ ਭਾਈ ਜਸਵੰਤ ਸਿੰਘ ਅਤੇ ਬਾਬਾ ਬਲਬੀਰ ਸਿੰਘ ਨੂੰ ਵਧਾਈ ਦਿੱਤੀ ਉਥੇ ਹੀ ਇਨ੍ਹਾਂ ਦੀਆਂ ਪੰਥ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਬਲਬੀਰ ਸਿੰਘ ਨੇ ਪੰਥ ਨੂੰ ਇਕਜੁੱਟ ਕਰਨ ਵਿਚ ਸਦਾ ਹੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਸਿੱਖ ਨੌਜੁਆਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਨੇਕਾਂ ਕਾਰਜ ਕੀਤੇ ਹਨ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਬਲਬੀਰ ਸਿੰਘ ਨੇ ਸਮੇਂ-ਸਮੇਂ ਵਿਸ਼ਾਲ ਗੱਤਕਾ ਸਮਾਗਮ ਕਰਵਾ ਕੇ ਸਿੱਖ ਨੌਜੁਆਨੀ ਅੰਦਰ ਕੌਮੀ ਜਜ਼ਬਾ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਭਾਈ ਜਸਵੰਤ ਸਿੰਘ ਦੀਆਂ ਪੰਥਕ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਰਾਗ ਅਧਾਰਤ ਕੀਰਤਨ ਸ਼ੈਲੀ ਨਵੇਂ ਕੀਰਤਨੀਆਂ ਲਈ ਪ੍ਰੇਰਨਾ ਹੈ। —PTC News

Related Post