SGPC ਦੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

By  Shanker Badra November 13th 2021 03:49 PM

ਅੰਮ੍ਰਿਤਸਰ : ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ 15 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਆਰੰਭਤਾ ਦੀ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਸਬੰਧੀ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਪੰਥ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਦਿਆਲ ਸਿੰਘ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਫੈਡਰੇਸ਼ਨ ਆਗੂ ਕੰਵਰਚੜ੍ਹਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। -PTCNews

Related Post