ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸਾਖੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ

By  Shanker Badra April 11th 2020 02:31 PM

ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸਾਖੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ:ਤਲਵੰਡੀ ਸਾਬੋ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਰੰਭਤਾ ਸਮਾਗਮਾਂ 'ਚ ਸ਼ਿਰਕਤ ਕੀਤੀ ਤੇ ਸੰਗਤਾਂ ਨੂੰ ਘਰਾਂ 'ਚ ਰਹਿ ਕੇ ਵਿਸਾਖੀ ਪੂਰਵ ਮਨਾਉਣ ਦੇ ਨਿਰਦੇਸ਼ ਦਿੱਤੇ।

ਇਸ ਦੇ ਇਲਾਵਾ ਖਾਲਸਾ ਸਾਜਨਾ ਦਿਵਸ ਦੇ ਸੰਬੰਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ ਅਤੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਹੈ।

ਦੱਸ ਦੇਈਏ ਕਿ ਵਿਸਾਖੀ ਨੂੰ ਲੈ ਕੇ ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ 'ਚ ਵਿਸਾਖੀ ਮੌਕੇ ਗੁਰਦੁਆਰਾ ਸਾਹਿਬਾਨਾਂ 'ਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ। ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ 'ਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

-PTCNews

Related Post