ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

By  Jashan A November 15th 2019 09:11 PM

ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ,ਸ੍ਰੀ ਅੰਮ੍ਰਿਤਸਰ ਸਾਹਿਬ:ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜੀਵਨ ਭਗਤੀ ਤੇ ਸ਼ਕਤੀ ਦਾ ਸੁਮੇਲ ਸੀ, ਜਿਸ ਤੋਂ ਸਾਨੂੰ ਗੁਰੂ ਸਾਹਿਬ ਨੂੰ ਸਮਰਪਿਤ ਹੋ ਕੇ ਜੀਵਨ ਜਿਉਣ ਦੀ ਪ੍ਰੇਰਨਾ ਮਿਲਦੀ ਹੈ। ਹੋਰ ਪੜ੍ਹੋ: 'ਬਾਬੇ ਨਾਨਕ' ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ (ਤਸਵੀਰਾਂ) ਸਿੰਘ ਸਾਹਿਬ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂੰ ਕਰਵਾਇਆ ਅਤੇ ਕਵੀ ਦਰਬਾਰ ਦੌਰਾਨ ਹਾਜ਼ਰ ਕਵੀਆਂ ਨੇ ਹਾਜ਼ਰੀ ਭਰੀ। ਇਸੇ ਦੌਰਾਨ ਬਾਅਦ ਦੁਪਹਿਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਗੁਰਦੇਵ ਸਿੰਘ ਆਸਟਰੇਲੀਆ, ਭਾਈ ਮਹਿਲ ਸਿੰਘ ਕਵੀਸ਼ਰ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਬੀਬਾ ਤਰਨਪ੍ਰੀਤ ਕੌਰ, ਭਾਈ ਦਲੇਰ ਸਿੰਘ ਅੰਮ੍ਰਿਤਸਰ ਨੇ ਸੰਗਤ ਗੁਰਬਾਣੀ ਕੀਰਤਨ ਤੇ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਤੋਂ ਇਲਾਵਾ ਸੇਵਕ ਜਥਾ ਕੜਾਹਿ ਪ੍ਰਸ਼ਾਦਿ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ। ਬੱਚਿਆਂ ਦੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ 350 ਬੱਚਿਆਂ ਨੇ ਭਾਗ ਲਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਭਾਈ ਅਜਾਇਬ ਸਿੰਘ ਅਭਿਆਸੀ, ਜਥੇਦਾਰ ਬਾਵਾ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਤਰਸੇਮ ਸਿੰਘ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। -PTC News

Related Post