ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ

By  Jashan A December 22nd 2019 01:36 PM

ਦਸਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਬਾਣੀ ਜਾਪ ਸਮਾਗਮ,ਅੰਮ੍ਰਿਤਸਰ: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲਾਂ/ਕਾਲਜਾਂ ਦੇ ਬੱਚਿਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾਇਆ ਗਿਆ।

ਦੱਸਣਯੋਗ ਹੈ ਕਿ ਇਸ ਦਿਹਾੜੇ ਸਬੰਧੀ ਹਰ ਸਾਲ 22 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਬੱਚਿਆਂ ਦੇ ਸਮਾਗਮ ਕਰਵਾਏ ਜਾਂਦੇ ਹਨ। ਇਸ ਦੀ ਸ਼ੁਰੂਆਤ ਸੰਨ 2016 ਵਿਚ ਕੀਤੀ ਗਈ ਸੀ। ਅੱਜ ਹੋਏ ਸਮਾਗਮ ਮੌਕੇ ਕਰੀਬ ਪੰਜ ਹਜ਼ਾਰ ਬੱਚਿਆਂ ਨੇ ਹਾਜ਼ਰੀ ਭਰੀ ਅਤੇ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦਾ ਪਾਠ ਕੀਤਾ।

ਸਮਾਗਮ ਸਮੇਂ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਦੌਰਾਨ ਬੱਚਿਆਂ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ। ਸਮਾਗਮ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ ਅਤੇ ਬੱਚਿਆਂ ਨੂੰ ਮੂਲਮੰਤਰ ਅਤੇ ਗੁਰਮੰਤਰ ਦਾ ਸਿਮਰਨ ਕਰਵਾਇਆ।

ਹੋਰ ਪੜ੍ਹੋ: ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਵੱਲੋਂ 5 ਲੱਖ ਭੇਟ, ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

ਇਸ ਦੌਰਾਨ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਸਮੇਤ ਗੁਰੂ ਦੇ ਪਿਆਰੇ ਸਿੱਖਾਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਹੱਕ, ਸੱਚ ਅਤੇ ਧਰਮ ਦੀ ਰੱਖਵਾਲੀ ਲਈ ਉੱਘੜਵੀਂ ਮਿਸਾਲ ਹਨ।

ਉਨ੍ਹਾਂ ਇਸ ਸ਼ਾਨਾਮੱਤੇ ਇਤਿਹਾਸ ਤੋਂ ਸੇਧ ਲੈ ਕੇ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਬੱਚਿਆਂ ਨੂੰ ਪ੍ਰੇਰਣਾ ਕਰਦਿਆਂ ਕਿਹਾ ਕਿ ਉਹ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੁੰਦਿਆਂ ਘੱਟ-ਘੱਟ ਜਪੁਜੀ ਸਾਹਿਬ ਦਾ ਪਾਠ ਜ਼ੁਬਾਨੀ ਯਾਦ ਕਰਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਬਲਵਿੰਦਰ ਸਿੰਘ ਕਾਹਲਵਾਂ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸੁਖਬੀਰ ਸਿੰਘ, ਬਘੇਲ ਸਿੰਘ, ਰਾਜਿੰਦਰ ਸਿੰਘ ਰੂਬੀ, ਨਿਸ਼ਾਨ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਸਮੇਤ ਵੱਖ-ਵੱਖ ਸਕੂਲਾਂ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

-PTC News

Related Post