ਪਾਕਿਸਤਾਨ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ: ਭਾਈ ਮਹਿਤਾ

By  Jashan A January 4th 2020 08:25 PM

ਪਾਕਿਸਤਾਨ ’ਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ: ਭਾਈ ਮਹਿਤਾ

ਭਾਈ ਲੌਂਗੋਵਾਲ ਨੇ ਭਾਰਤ ਦੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾ ਅਤੇ ਸਿੱਖਾਂ ਵਿਰੁੱਧ ਨਫ਼ਰਤੀ ਹਿੰਸਾ ਕਰਨ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਮੁੱਚਾ ਸਿੱਖ ਜਗਤ ਪਾਕਿਸਤਾਨ ਦੇ ਸਿੱਖ ਭਾਈਚਾਰੇ ਨਾਲ ਖੜ੍ਹਾ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਸੁਬਰਾਮਨੀਅਮ ਜੈ ਸ਼ੰਕਰ ਨੂੰ ਇਕ ਪੱਤਰ ਲਿਖਿਆ ਗਿਆ ਹੈ।

ਪਾਕਿਸਤਾਨ ਦੇ ਸਿੱਖਾਂ ਦੀ ਹਿਫਾਜ਼ਤ ਕਰਨਾ ਉਥੋਂ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ। ਉਥੋਂ ਨੇ ਨਾਗਰਿਕ ਹੁੰਦਿਆਂ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਹਰ ਤਰ੍ਹਾਂ ਦੇ ਹੱਕ ਪ੍ਰਾਪਤ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਆਪਣੇ ਨਿੱਜੀ ਹਿੱਤਾਂ ਲਈ ਸਿੱਖ ਅਤੇ ਮੁਸਲਮਾਨ ਭਰਾਵਾਂ ਵਿਚ ਪਾੜਾ ਪਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ। ਇਨ੍ਹਾਂ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਵਿਧਾਇਕਾਂ ਦੀ ਸਲਾਹਕਾਰਾਂ ਵਜੋਂ ਨਿਯੁਕਤੀ ਦੀ ਫਾਇਲ ਕਾਂਗਰਸ ਸਰਕਾਰ ਨੂੰ ਵਾਪਸ ਭੇਜਣ ਦੇ ਰਾਜਪਾਲ ਦੇ ਫੈਸਲੇ ਦਾ ਸਵਾਗਤ

ਭਾਈ ਮਹਿਤਾ ਨੇ ਕਿਹਾ ਕਿ ਪਾਕਿਸਤਾਨ ਦੇ ਸਿੱਖ ਆਗੂ ਮਹਿੰਦਰਪਾਲ ਸਿੰਘ ਪਾਰਲੀਮਾਨੀ ਸੈਕਟਰੀ ਅਨੁਸਾਰ ਇਸ ਘਟਨਾ ਦੀ ਪਾਕਿਸਤਾਨ ਦੇ ਮੁਸਲਿਮ ਭਾਈਚਾਰੇ ਵੱਲੋਂ ਵੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਮਹਿੰਦਰਪਾਲ ਸਿੰਘ ਮੁਤਾਬਿਕ ਦੋਸ਼ੀਆਂ ਖ਼ਿਲਾਫ਼ ਧਾਰਾ 295-ਸੀ ਤਹਿਤ ਕੇਸ ਦਰਜ਼ ਕਰਨ ਲਈ ਕਰਵਾਈ ਜਾਵੇਗੀ।

ਭਾਈ ਮਹਿਤਾ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ 42 ਲੋਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਬਾਹਰ ਪਥਰਾ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਸਥਾਨਕ ਆਗੂਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਮਰਯਾਦਾ ਵਿਚ ਕਿਸੇ ਕਿਸਮ ਦਾ ਵਿਘਨ ਨਹੀਂ ਪਿਆ।

ਹਰ ਰੋਜ਼ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ ਅਤੇ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨਾਲ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।

-PTC News

Related Post