ਫਤਹਿਗੜ੍ਹ ਚਟੌਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਹੋਇਆ ਅਗਨ ਭੇਟ

By  Joshi April 29th 2018 03:15 PM -- Updated: April 29th 2018 10:22 PM

ਫਤਹਿਗੜ੍ਹ ਚਟੌਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਗਨ ਭੇਟ ਹੋਣਾ ਮੰਦਭਾਗਾ –ਭਾਈ ਲੌਂਗੋਵਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਕਮ ਦੇ ਗੁਰਦੁਆਰਾ ਸਾਹਿਬ ਜਾਣ ਤੋਂ ਸੰਗਤ ਨੂੰ ਰੋਕਣ ਦਾ ਵੀ ਲਿਆ ਨੋਟਿਸ ਅੰਮ੍ਰਿਤਸਰ, : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਫਤਿਹਗੜ੍ਹ ਚਟੌਲੀ ਵਿਖੇ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਨੁਕਸਾਨੇ ਜਾਣ ਨੂੰ ਮੰਦਭਾਗਾ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਘਟਨਾਵਾਂ ਨਾ ਵਾਰਨ ਇਸ ਲਈ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਸੁਚੇਤ ਹੋਣਾ ਪਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗਰਮੀ ਦਾ ਮੌਸਮ ਆਉਣ ਕਾਰਨ ਬਿਜਲੀ ਦੀਆਂ ਤਾਰਾਂ ਦੇ ਸਰਕਟ ਨੂੰ ਚੈਕ ਕਰਵਾਉਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕ ਢਿੱਲ ਨਾ ਵਰਤਣ। ਉਨ੍ਹਾਂ ਕਿਹਾ ਕਿ ਪਿੰਡ ਫਤਿਹਗੜ੍ਹ ਚਟੌਲੀ ਵਿਖੇ ਸੰਗਤਾਂ ਪਸ਼ਚਾਤਾਪ ਲਈ ਸ੍ਰੀ ਅਖੰਡਪਾਠ ਸਾਹਿਬ ਕਰਵਾ ਕੇ ਖਿਮਾ ਜਾਚਨਾ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਿੱਕਮ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਸਿੱਕਮ ਸਰਕਾਰ ਵੱਲੋਂ ਸੰਗਤ ਨੂੰ ਰੋਕਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਸਿੱਖ ਸੰਗਤਾਂ ਨੂੰ ਰੋਕਣਾ ਸੰਗਤਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਤੋਂ ਵੱਧ ਹੋਰ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਿੱਖਾਂ ਨੂੰ ਆਪਣੇ ਹੀ ਧਰਮ ਅਸਥਾਨਾਂ ਦੇ ਦਰਸ਼ਨ ਨਾ ਕਰਨ ਦਿੱਤੇ ਜਾਣ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਗਿਆ ਸੀ ਅਤੇ ਕਮੇਟੀ ਦਾ ਇੱਕ ਵਫਦ ਵੀ ਉਥੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਤਾਜਾ ਹਾਲਾਤ ਕਾਰਨ ਸ਼੍ਰੋਮਣੀ ਕਮੇਟੀ ਵਲੋਂ ਹੁਣ ਫਿਰ ਜਲਦੀ ਹੀ ਇੱਕ ਵਫਦ ਸਿੱਕਮ ਭੇਜਿਆ ਜਾਵੇਗਾ, ਜੋ ਉਥੋਂ ਦੀ ਸਰਕਾਰ ਨਾਲ ਗੱਲ ਕਰੇਗਾ ਅਤੇ ਇਸ ਸਬੰਧ ਵਿਚ ਮੁਕੰਮਲ ਜਾਣਕਾਰੀ ਵੀ ਪ੍ਰਾਪਤ ਕਰੇਗਾ। -PTC News

Related Post