ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜਾਇਆ ਅਲੌਕਿਕ ਰਾਗ ਦਰਬਾਰ

By  Shanker Badra October 26th 2018 05:44 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜਾਇਆ ਅਲੌਕਿਕ ਰਾਗ ਦਰਬਾਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੀਰਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ।ਰਾਗ ਦਰਬਾਰ ਦੀ ਸ਼ੁਰੂਆਤ ਭਗਤ ਪੂਰਨ ਸਿੰਘ ਪਿੰਗਲਵਾੜਾ ਸੁਸਾਇਟੀ ਅਤੇ ਸੈਂਟਰਲ ਖਾਲਸਾ ਯਤੀਮਖਾਨੇ ਸ੍ਰੀ ਅੰਮ੍ਰਿਤਸਰ ਦੇ ਬੱਚਿਆਂ ਨੇ ਕੀਤੀ।ਰਾਗ ਦਰਬਾਰ ਦੌਰਾਨ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਬੀਬੀ ਆਸ਼ੂ ਪ੍ਰੀਤ ਕੌਰ ਜਲੰਧਰ, ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਸਦਾਸਤਸਿਮਰਨ ਸਿੰਘ ਮੀਰੀ ਪੀਰੀ ਜਥਾ ਅਮਰੀਕਾ, ਡਾ. ਗੁਰਨਾਮ ਸਿੰਘ ਪਟਿਆਲਾ, ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ, ਡਾ. ਅਲੰਕਾਰ ਸਿੰਘ ਪਟਿਆਲਾ, ਬੀਬੀ ਸਿਮਰਜੀਤ ਕੌਰ ਮਹਿਤਾ ਚੌਂਕ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਨਿਰਮਲ ਸਿੰਘ ਬਟਾਲਾ ਤੇ ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਰਾਗੀ ਜੱਥਿਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਦੀ ਸਿਰਜਿਆ।ਰਾਗ ਦਰਬਾਰ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਹਾਜ਼ਰੀ ਭਰੀ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਜੀ ਨੇ ਜਿੱਥੇ ਮਨੁੱਖ ਦੇ ਕਲਿਆਣ ਲਈ ਗੁਰਬਾਣੀ ਰਚੀ,ਉਥੇ ਹੀ ਸਮਾਜ ਭਲਾਈ ਲਈ ਅਨੇਕਾਂ ਕਾਰਜ ਕੀਤੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੌਥੇ ਪਾਤਸ਼ਾਹ ਵੱਲੋਂ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਸੁਸ਼ੋਭਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਕੇ ਅਤੇ ‘ਲੰਗਰ ਗੁਰੂ ਰਾਮਦਾਸ’ ਵਿਖੇ ਹਰ ਰੋਜ਼ ਲੱਖਾਂ ਦੀ ਗਿਣਤੀ ਵਿਚ ਬਿਨਾਂ ਕਿਸੇ ਭੇਦਭਾਵ ਦੇ ਵੱਖ-ਵੱਖ ਧਰਮਾਂ, ਜਾਤਾਂ ਦੇ ਲੋਕ ਪ੍ਰਸ਼ਾਦਾ ਛੱਕ ਕੇ ਤ੍ਰਿਪਤ ਹੁੰਦੇ ਹਨ।ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਕੇ ਆਪਣਾ ਜੀਵਨ ਸਫਲਾ ਕਰਨ ਦੀ ਸੰਗਤਾਂ ਨੂੰ ਪ੍ਰੇਰਨਾ ਕੀਤੀ।

-PTCNews

Related Post