ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ ਜਥਾ ਸ੍ਰੀ ਦਰਬਾਰ ਸਾਹਿਬ ਪੁੱਜਾ

By  Shanker Badra October 23rd 2018 06:57 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ 'ਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ ਜਥਾ ਸ੍ਰੀ ਦਰਬਾਰ ਸਾਹਿਬ ਪੁੱਜਾ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦਾ 150 ਮੈਂਬਰੀ ਜਥਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ, ਜਿਸ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ।ਇਸ ਜਥੇ ਵਿਚ ਭਾਈ ਹਰਭਜਨ ਸਿੰਘ ਯੋਗੀ ਦੇ ਸਪੁੱਤਰ ਭਾਈ ਕੁਲਬੀਰ ਸਿੰਘ ਪੁਰੀ ਸਮੇਤ ਵੱਖ-ਵੱਖ 22 ਦੇਸ਼ਾਂ ਦੇ ਮੈਂਬਰ ਸ਼ਾਮਲ ਹਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ।

ਇਸ ਮੌਕੇ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਭਾਈ ਸਾਹਿਬ ਭਾਈ ਹਰਭਜਨ ਸਿੰਘ ਯੋਗੀ ਨੇ ਸ਼ੁਰੂ ਕੀਤਾ ਸੀ,ਜੋ ਵਿਦੇਸ਼ਾਂ ਅੰਦਰ ਨਿਰੰਤਰ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹੈ।ਇਸ ਮੌਕੇ ਭਾਈ ਕੁਲਬੀਰ ਸਿੰਘ ਨੇ ਕਿਹਾ ਕਿ ਸਿੱਖ ਅੱਜ ਪੂਰੇ ਵਿਸ਼ਵ ਵਿਚ ਫੈਲੇ ਹੋਏ ਹਨ ਅਤੇ ਵੱਖ-ਵੱਖ ਦੇਸ਼ਾਂ ਅੰਦਰ ਉੱਚ ਅਹੁਦਿਆਂ ’ਤੇ ਵੀ ਬਿਰਾਜਮਾਨ ਹਨ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਲਈ ਸੱਦਾ ਭੇਜਣ ਲਈ ਭਾਈ ਲੌਂਗੋਵਾਲ ਦਾ ਧੰਨਵਾਦ ਕੀਤਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੇ ਤਿਆਰ-ਬਰ-ਤਿਆਰ ਸਿੰਘ/ਸਿੰਘਣੀਆਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਾਰੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਦੱਸਿਆ ਕਿ 25 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਇਹ ਜਥਾ ਖ਼ਾਲਸਾਈ ਬਾਣਾ ਪਹਿਨ ਕੇ ਸ਼ਾਮਲ ਹੋਵੇਗਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇ ਦੇ ਮੈਂਬਰਾਂ ਵੱਲੋਂ ਕੀਰਤਨ ਦੀ ਹਾਜ਼ਰੀ ਵੀ ਭਰੀ ਜਾਵੇਗੀ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ,ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ,ਜਗਜੀਤ ਸਿੰਘ ਜੱਗੀ, ਦਰਸ਼ਨ ਸਿੰਘ ਲੌਂਗੋਵਾਲ ਸਮੇਤ ਪੁੱਜੇ ਜਥੇ ਵਿੱਚੋਂ ਡਾ. ਹਰਜੋਤ ਕੌਰ ਸਿੰਘ, ਭਾਈ ਸਦਾਸਤਸਿਮਰਨ ਸਿੰਘ ਖ਼ਾਲਸਾ, ਬੀਬੀ ਸ਼ਾਂਤੀ ਕੌਰ ਖ਼ਾਲਸਾ, ਭਾਈ ਜਗਤ ਗੁਰੂ ਸਿੰਘ ਖ਼ਾਲਸਾ, ਬੀਬੀ ਡੈਲਫੀਨਾ ਕੌਰ, ਭਾਈ ਹਰਗੋਬਿੰਦ ਸਿੰਘ ਖ਼ਾਲਸਾ, ਭਾਈ ਮਨਜੋਤ ਸਿੰਘ, ਭਾਈ ਸਤਿੰਦਰਪਾਲ ਸਿੰਘ, ਬੀਬੀ ਸੂਰੀਆ ਬਹਾਦਰ ਕੌਰ ਖ਼ਾਲਸਾ, ਭਾਈ ਮਰਦਾਨਾ ਸਿੰਘ, ਭਾਈ ਸਹਿਜ ਸਿੰਘ ਖ਼ਾਲਸਾ, ਭਾਈ ਗੁਰਤੇਜ ਸਿੰਘ ਖ਼ਾਲਸਾ ਸਮੇਤ ਹੋਰ ਹਾਜ਼ਰ ਸਨ।

-PTCNews

Related Post