ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 52 ਕਿੱਤਾਕਾਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

By  Shanker Badra October 6th 2018 06:26 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 52 ਕਿੱਤਾਕਾਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ:ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਨਿਰਦੇਸ਼ ਦਿੱਤੇ।ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਏ ਜਾਣਗੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸ੍ਰੀ ਅੰਮ੍ਰਿਤਸਰ ਵਸਾਉਣ ਸਮੇਂ ਇਥੇ 52 ਕਿੱਤਾਕਾਰਾਂ ਨੂੰ ਵਸਾਇਆ ਸੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਪ੍ਰਕਾਸ਼ ਗੁਰਪੁਰਬ ਸਮੇਂ ਇਨ੍ਹਾਂ ਕਿੱਤਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਖੋਜਕਾਰਾਂ ਵੱਲੋਂ 52 ਕਿੱਤਿਆਂ ਨਾਲ ਸਬੰਧਤ ਲੋਕਾਂ ਤੱਕ ਪਹੁੰਚ ਕਰਕੇ ਸੂਚੀ ਤਿਆਰ ਕਰ ਲਈ ਗਈ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਹ 52 ਕਿੱਤਾਕਾਰਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਇਕੱਤਰਤਾ ਦੌਰਾਨ ਹਾਜ਼ਰ ਸਕੂਲਾਂ/ਕਾਲਜਾਂ ਦੇ ਪ੍ਰਤੀਨਿਧਾਂ ਨੂੰ ਬੱਚਿਆਂ ਦੀ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਵੀ ਕਿਹਾ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ 40 ਹਜ਼ਾਰ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਇਹ ਵਿਦਿਆਰਥੀ ਆਪੋ-ਆਪਣੇ ਸਕੂਲ/ਕਾਲਜ ਦੀ ਨਿਰਧਾਰਤ ਵਰਦੀ ਵਿਚ ਹੋਣਗੇ।

ਡਾ. ਰੂਪ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਦੇ ਨਾਲ-ਨਾਲ ਪੜਤਾਲ ਗਾਇਨ ਕੀਰਤਨ ਸਮਾਗਮ ਅਤੇ ਰਾਗ ਦਰਬਾਰ ਵੀ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਇਨ੍ਹਾਂ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀਏ ਰਾਗ ਅਧਾਰਿਤ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

-PTCNews

Related Post