ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮ ਆਰੰਭ

By  Shanker Badra October 24th 2018 09:41 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮਾਗਮ ਆਰੰਭ:ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਦਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਡੀ ਆਮਦ ਸ਼ੁਰੂ ਹੋ ਗਈ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਮੁੱਚੇ ਸਮਗਾਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਅਸਥਾਨ ਬੇਸ਼ੱਕ ਚੂਨੀ ਮੰਡੀ ਲਾਹੌਰ ਪਾਕਿਸਤਾਨ ਵਿਖੇ ਹੈ ਪਰੰਤੂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਹੋਣ ਕਰਕੇ ਉਨ੍ਹਾਂ ਦਾ ਪ੍ਰਕਾਸ਼ ਪੁਰਬ ਇਥੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਰਵਾਇਤ ਅਨੁਸਾਰ ਰਾਗ ਦਰਬਾਰ, ਧਾਰਮਿਕ ਦੀਵਾਨ, ਕਥਾ ਸਮਾਗਮ, ਕਵੀ ਦਰਬਾਰ ਤੇ ਸੁੰਦਰ ਜਲੌ ਤੋਂ ਇਲਾਵਾ ਕੁਝ ਵਿਸ਼ੇਸ਼ ਪ੍ਰੋਗਰਾਮ ਵੀ ਉਲੀਕੇ ਗਏ ਹਨ, ਜਿਨ੍ਹਾਂ ਵਿਚ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਉਣਾ, ਨਗਰ ਕੀਰਤਨ ਦਾ ਘੇਰਾ ਵਿਸ਼ਾਲ ਕਰਨਾ ਅਤੇ 52 ਕਿੱਤਾਕਾਰਾਂ ਤੇ ਲੋੜਵੰਦ ਤੇ ਲਾਇਕ ਵਿਦਿਆਰਥੀਆਂ ਦੀਆਂ ਪੂਰੇ ਸਾਲ ਦੀਆਂ ਫੀਸਾਂ ਦਾ ਪ੍ਰਬੰਧ ਕਰਨਾ ਵਿਸ਼ੇਸ਼ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਬਾਰਕ ਦਿਹਾੜੇ ਨੂੰ ਇਸ ਵਾਰ ਸਮਾਜਿਕ ਚੇਤਨਾ ਦੇ ਰੂਪ ਵਿਚ ਵੀ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰ ਵਿਚ ਬੂਟੇ ਲਗਾਉਣ ਅਤੇ ਸਾਫ ਸਫਾਈ ਲਈ ਪ੍ਰੇਰਨਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੋਂ ਇਲਾਵਾਂ ਵੱਖ ਵੱਖ ਸਭਾ ਸੁਸਾਇਟੀਆਂ, ਵਿਦਿਅਕ ਅਦਾਰਿਆਂ ਤੇ ਸੰਗਤ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਹਿਰ ਨਿਵਾਸੀ ਪੈਦਲ ਚੱਲ ਕੇ ਆਉਣ ਨੂੰ ਤਰਜੀਹ ਦੇਣ ਤਾਂ ਜੋ ਟਰੈਫਿਕ ਦੀ ਸਮੱਸਿਆ ਨਾ ਬਣੇ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸਮੂਹ ਮੁਲਾਜਮਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖਲ਼ੇ ਇਕੱਤਰਤਾ ਕੀਤੀ ਅਤੇ ਹੋਣ ਵਾਲੇ ਸਮਾਗਮਾਂ ਵਿਚ ਸੇਵਾਵਾਂ ਸਬੰਧੀ ਨਿਰਦੇਸ਼ ਦਿੱਤੇ। -PTCNews

Related Post