ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਪੁਰਬ ਮਨਾਇਆ 

By  Joshi November 23rd 2017 03:54 PM

ਅੰਮ੍ਰਿਤਸਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਵਸ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਭਾਈ ਜਰਨੈਲ਼ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਦੇ ਜੱਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਪੁਰਬ ਮਨਾਇਆ ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸਿੱਖੀ ਸਿਦਕ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿੱਥੇ ਸਾਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਅਜੋਕੇ ਪਦਾਰਥਵਾਦੀ ਯੁੱਗ ਵਿਚ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ, ਉਥੇ ਹੀ ਸ਼ਹੀਦ ਸਿੱਖਾਂ ਦਾ ਮਹਾਨ ਬਲੀਦਾਨ ਸਾਡੇ ਲਈ ਗੁਰੂ ਪ੍ਰਤੀ ਸਮਰਪਿਤ ਰਹਿਣ ਦਾ ਪ੍ਰੇਰਨਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੂਰਬੀਰ ਯੋਧਿਆਂ ਵਿਚੋਂ ਕੋਈ ਵੀ ਸਿੱਖੀ ਸਿਦਕ ਤੋਂ ਨਹੀਂ ਡੋਲਿਆ। ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਗੁਰੂ ਦੇ ਲੜ੍ਹ ਲੱਗਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਉਣ ਨਾਲ ਮਨੁੱਖ ਨੂੰ ਕੋਈ ਵੀ ਦੁੱਖ ਛੋਹ ਨਹੀਂ ਸਕਦਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਵੀ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫੇ ਨੂੰ ਅਮਲੀ ਰੂਪ ਵਿਚ ਅਪਣਾਉਣ ਦੀ ਅਪੀਲ ਕੀਤੀ।

—PTC News

Related Post