ਯੂਪੀ ਤੇ ਰਾਜਸਥਾਨ ’ਚ ਸਿੱਖ ਵਿਰੋਧੀ ਘਟਨਾਵਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਖਤ ਨੋਟਿਸ

By  Jasmeet Singh July 22nd 2022 05:47 PM

ਅੰਮ੍ਰਿਤਸਰ, 22 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਅੰਦਰ ਸਿੱਖਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਠੱਲ੍ਹਣ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਵੱਸਦੇ ਸਿੱਖਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ।

ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ’ਚ ਬਾਰਾਂਦਰੀ ਇਲਾਕੇ ਅੰਦਰ ਸੇਂਟ ਫਰਾਂਸਿਸ ਸਕੂਲ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਦਸਤਾਰ ਅਤੇ ਕਿਰਪਾਨ ’ਤੇ ਪਾਬੰਦੀ ਲਗਾਉਣ ਅਤੇ ਰਾਜਸਥਾਨ ਅੰਦਰ ਅਲਵਰ ਜ਼ਿਲ੍ਹੇ ਦੇ ਪਿੰਡ ਮਿਲਕਪੁਰ ਦੇ ਇਕ ਸਾਬਕਾ ਗ੍ਰੰਥੀ ਦੀ ਕੁੱਟਮਾਰ ਤੇ ਕੇਸਾਂ ਦੀ ਕੀਤੀ ਬੇਅਦਬੀ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨਾਲ ਅਜਿਹੇ ਵਿਤਕਰੇ ਜਾਣਬੁਝ ਕੇ ਕੀਤੇ ਜਾ ਰਹੇ ਹਨ, ਜਦਕਿ ਸਰਕਾਰਾਂ ਦੀ ਭੂਮਿਕਾ ਵੀ ਪਾਰਦਰਸ਼ੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਘੱਟਗਿਣਤੀ ਹੋਣ ਦੇ ਬਾਵਜੂਦ ਵੀ ਦੇਸ਼ ਦੀ ਅਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਬਰਕਰਾਰ ਹੈ ਤਾਂ ਇਹ ਸਿੱਖਾਂ ਦੀ ਬਦੌਲਤ ਹੈ। ਪਰ ਦੁੱਖ ਦੀ ਗੱਲ ਹੈ ਕਿ ਸਿੱਖਾਂ ਨਾਲ ਦੇਸ਼ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ।

ਅਜਿਹੀਆਂ ਹੀ ਘਟਨਾਵਾਂ ਯੂ.ਪੀ. ਦੇ ਬਰੇਲੀ ’ਚ ਇਕ ਸਕੂਲ ਵੱਲੋਂ ਕਕਾਰਾਂ ’ਤੇ ਪਾਬੰਦੀ ਲਗਾਉਣ ਅਤੇ ਰਾਜਸਥਾਨ ’ਚ ਇਕ ਸਿੱਖ ਦੀ ਕੀਤੀ ਗਈ ਕੁੱਟਮਾਰ ਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਨ੍ਹਾਂ ਦੋਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਆਪਣੇ ਤੌਰ ’ਤੇ ਪੜਤਾਲ ਵੀ ਕਰਵਾਏਗੀ।

ਉਨ੍ਹਾਂ ਰਾਜਸਥਾਨ ਅਤੇ ਯੂਪੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਦੋਹਾਂ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀ ਲੋਕਾਂ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਜਾਵੇ, ਤਾਂ ਜੋ ਅੱਗੇ ਤੋਂ ਅਜਿਹਾ ਕਰਨ ਦੀ ਕੋਈ ਹਿੰਮਤ ਨਾ ਕਰੇ।

ਉਨ੍ਹਾਂ ਦੇਸ਼ ਭਰ ਵਿਚ ਵੱਸਦੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਨਾਲ ਨਫ਼ਰਤ ਭਰਿਆ ਵਿਹਾਰ ਕਰਨ ਵਾਲੇ ਲੋਕਾਂ ਵਿਰੁੱਧ ਇਕੱਠੇ ਹੋ ਕੇ ਅਵਾਜ਼ ਉਠਾਉਣ ਅਤੇ ਸਥਾਨਕ ਪੱਧਰ ’ਤੇ ਪ੍ਰਸ਼ਾਸਨ ਨੂੰ ਕਾਰਵਾਈ ਲਈ ਕਹਿਣ।

ਇਹ ਵੀ ਪੜ੍ਹੋ: ਅੰਬਾਲਾ ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਨੇ ਐਸ.ਐਸ.ਪੀ ਨੂੰ ਸੌਂਪਿਆ ਮੰਗ ਪੱਤਰ

-PTC News

Related Post