ਸੁਖਬੀਰ ਬਾਦਲ ਨੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਕੇ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ ਭੁਗਤਣ ਲਈ ਮੁੱਖ ਮੰਤਰੀ ਦੀ ਕੀਤੀ ਨਿਖੇਧੀ

By  Shanker Badra January 31st 2020 09:54 PM

ਸੁਖਬੀਰ ਬਾਦਲ ਨੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦਾ ਸਮਰਥਨ ਕਰਕੇ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ ਭੁਗਤਣ ਲਈ ਮੁੱਖ ਮੰਤਰੀ ਦੀ ਕੀਤੀ ਨਿਖੇਧੀ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਹਲਫੀਆ ਬਿਆਨ ਕਿ ਹਰਿਆਣਾ ਵਿਧਾਨ ਸਭਾ ਨੂੰ ਆਪਣੀ ਵੱਖਰੀ ਗੁਰਦੁਆਰਾ ਕਮੇਟੀ ਸਥਾਪਤ ਕਰਨ ਦਾ ਅਧਿਕਾਰ ਹੈ, ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਨੇ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਖ਼ਿਲਾਫ ਭੁਗਤਣ ਦੀ ਕੋਝੀ ਹਰਕਤ ਕੀਤੀ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਮੁੱਖ ਮੰਤਰੀ ਮਹਿਜ਼ ਸਿਆਸੀ ਕਾਰਣਾਂ ਕਰਕੇ ਇਸ ਮੁੱਦੇ ਉੱਤੇ ਸੂਬੇ ਦਾ ਸਟੈਂਡ ਬਦਲ ਕੇ ਪੰਜਾਬ ਦੇ ਹਿੱਤਾਂ ਨਾਲ ਖ਼ਿਲਵਾੜ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਅੰਤਰਰਾਜੀ ਕਾਰਪੋਰੇਟ ਸੰਸਥਾ ਅਤੇ ਇਕਲੌਤੀ ਅਜਿਹੀ ਸੰਸਦ ਹੈ, ਜਿਹੜੀ ਇਸ ਦੀ ਮੌਜੂਦਾ ਬਣਤਰ ਵਿਚ ਤਬਦੀਲੀ ਕਰਨ ਸੰਬੰਧੀ ਫੈਸਲਾ ਲੈ ਸਕਦੀ ਹੈ। ਉਹਨਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਇੱਕ ਹਰਿਆਣਾ ਤੋਂ ਚੁਣਿਆ ਸ਼੍ਰੋਮਣੀ ਕਮੇਟੀ ਮੈਂਬਰ ਹਰਿਆਣਾ ਸਰਕਾਰ ਦੇ ਸੂਬੇ ਅੰਦਰ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੇ ਅਧਿਕਾਰ ਨੂੰ ਚੁਣੌਤੀ ਦੇ ਰਿਹਾ ਹੈ, ਮੁੱਖ ਮੰਤਰੀ ਨੇ ਇਸ ਸੰਵੇਦਨਸ਼ੀਲ ਮੁੱਦੇ ਉੁੱਤੇ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਸਿੱਖਾਂ ਵਿਚ ਫੁੱਟ ਪਾਉਣ ਲਈ ਉਹਨਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਦੇਣ ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਨਿੰਦਣਯੋਗ ਹਨ ਅਤੇ ਇਹ ਗਾਂਧੀ ਪਰਿਵਾਰ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਨਾਲ ਮੇਲ ਖਾਂਦੀਆਂ ਹਨ। ਉਹਨਾਂ ਕਿਹਾ ਕਿ ਸਿੱਖ ਸੰਗਤ ਇਸ ਸਾਜ਼ਿਸ਼ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। -PTCNews

Related Post