ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਰਾਜੋਆਣਾ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

By  Jasmeet Singh September 29th 2022 04:36 PM -- Updated: September 29th 2022 04:39 PM

ਨਵੀਨ ਸ਼ਰਮਾ (ਲੁਧਿਆਣਾ, 29 ਸਤੰਬਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਵਿੱਚ ਨਿਗਮ ਚੋਣਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਲੁਧਿਆਣਾ ਦੇ ਕਈ ਹਲਕਿਆਂ ਵਿਚਕਾਰ ਮੀਟਿੰਗਾਂ ਮਗਰੋਂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨਤਮਸਤਕ ਹੋਣ ਪਹੁੰਚੇ ਅਕਾਲੀ ਦਲ ਦੇ ਮੁੱਖ ਆਗੂ ਨੇ ਪ੍ਰੈਸ ਵਾਰਤਾ ਨੂੰ ਸੰਬੋਧਨ ਕੀਤਾ, ਇਸ ਦੌਰਾਨ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਅਤੇ ਕਿਹਾ ਕਿ 'ਆਪ' ਸਰਕਾਰ ਹਰ ਫ਼ਰੰਟ 'ਤੇ ਫੇਲ ਹੋਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ, ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪਰਾਲੀ ਦਾ ਪ੍ਰਬੰਦ ਕਰਵਾਇਆ ਜਾਵੇਗਾ ਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਪਰ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਅਕਾਲੀ ਦਲ ਦੇ ਮੁਖੀ ਨੇ ਇਹ ਵੀ ਕਿਹਾ ਕਿ ਸਰਕਾਰ ਸਿਰਫ਼ ਵਿਗਿਆਪਨ 'ਤੇ ਪੈਸੇ ਖ਼ਰਚ ਕਰ ਰਹੀ ਹੈ ਅਤੇ ਇਸ ਬਾਬਤ ਸਰਕਾਰ ਹੁਣ ਤੱਕ 700 ਕਰੋੜ ਰੁਪਏ ਵਿਗਿਆਪਨਾਂ 'ਤੇ ਖ਼ਰਚ ਕਰ ਚੁੱਕੀ ਹੈ।

ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਫੌਜਾ ਸਿੰਘ ਸਰਾਰੀ 'ਤੇ ਵੀ ਤਿੱਖੀ ਪ੍ਰਤੀਕਿਰਿਆ ਕੀਤੀ, ਇਸ ਦੌਰਾਨ ਅਕਾਲੀ ਆਗੂ ਨੂੰ ਜਦੋਂ ਐਸਜੀਪੀਸੀ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਬਾਰੇ ਹੁਣ ਉਹ ਕੀ ਕਹਿਣ, ਉਨ੍ਹਾਂ ਕਿਹਾ ਕਿ ਉਹ ਉਸ ਦੀ ਗੱਲ 'ਤੇ ਕੁੱਝ ਨਹੀਂ ਕਹਿਣਾ ਚਾਹੁੰਦੇ। ਇਸ ਦੌਰਾਨ ਭਾਈ ਰਾਜੋਆਣਾ ਦੇ ਮੁੱਦੇ 'ਤੇ ਵੀ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਰਿਹਾ ਕੀਤਾ ਜਾਵੇ। ਸੂਬਾ ਸਰਕਾਰ 'ਤੇ ਵਰ੍ਹਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ ਤੇ ਪੰਜਾਬ ਦੀ ਸਰਕਾਰ ਕੇਜ਼ਰੀਵਾਲ ਚਲਾ ਰਹੇ ਹਨ।

-PTC News

Related Post