ਸੁਖਬੀਰ ਬਾਦਲ ਵੱਲੋਂ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈਆਂ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੀ ਮੰਗ

By  Shanker Badra March 13th 2020 09:00 PM

ਸੁਖਬੀਰ ਬਾਦਲ ਵੱਲੋਂ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈਆਂ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੀ ਮੰਗ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਮੀਂਹ ਅਤੇ ਗੜ੍ਹੇਮਾਰੀ ਨਾਲ ਹਾੜ੍ਹੀ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਅੰਮ੍ਰਿਤਸਰ, ਰੋਪੜ, ਸੰਗਰੂਰ, ਮਾਨਸਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਮੀਂਹ ਅਤੇ ਗੜ੍ਹੇਮਾਰੀ ਕਰਕੇ ਕਣਕ, ਸਰੋਂ ਅਤੇ ਸ਼ਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ ਹੈ।

ਉਹਨਾਂ ਕਿਹਾ ਕਿ ਬਾਕੀ ਜ਼ਿਲ੍ਹਿਆਂ ਵਿਚ ਵੀ ਫਸਲਾਂ ਦੇ ਨੁਕਸਾਨ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਿਰਦਾਵਰੀ ਤੋਂ ਇਲਾਵਾ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਵੀ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੁੱਝ ਜ਼ਿਲ੍ਹਿਆਂ ਵਿਚ ਕਿਸਾਨਾਂ ਨੂੰ ਹਾੜੀ ਦੇ ਪਿਛਲੇ ਸੀਜ਼ਨ ਦੌਰਾਨ ਨੁਕਸਾਨੀਆਂ ਫਸਲਾਂ ਦਾ ਵੀ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁਆਵਜ਼ੇ ਵਿਚ ਸੂਬੇ ਦੀ ਹਿੱਸੇਦਾਰੀ ਵਧਾ ਕੇ ਪੰਜਾਬ ਵਿਚ ਫਸਲੀ ਮੁਆਵਜ਼ੇ ਦੀ ਰਾਸ਼ੀ ਵਧਾਉਣ ਦਾ ਵੀ ਸੱਦਾ ਦਿੱਤਾ, ਜਿਸ ਤਰ੍ਹਾਂ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤਾ ਜਾਂਦਾ ਸੀ। ਉਹਨਾਂ ਕਿਹਾ ਕਿ ਸਰਕਾਰ ਨੂੰ ਮੀਂਹ ਅਤੇ ਗੜ੍ਹੇਮਾਰੀ ਕਰਕੇ ਕਣਕ ਦੀ ਫਸਲ ਦੇ ਹੋਏ ਨੁਕਸਾਨ ਲਈ ਵਧੇਰੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੁਦਰਤੀ ਆਫਤ ਦੇ ਸਮੇਂ ਕਿਸਾਨਾਂ ਦੀ ਮੱਦਦ ਕਰਨਾ ਅਤੇ ਉਹਨਾਂ ਦੇ ਨੁਕਸਾਨ ਦੀ ਭਰਪਾਈ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਦਾਰੀ ਹੈ।

-PTCNews

Related Post