ਸੁਖਬੀਰ ਸਿੰਘ ਬਾਦਲ ਵੱਲੋਂ ਕਰਤਾਰਪੁਰ ਲਾਂਘੇ 'ਚ ਅੜਿੱਕੇ ਪਾਉਣ ਦੀ ਕੋਸ਼ਿਸ਼ ਲਈ ਮੁੱਖ ਮੰਤਰੀ ਦੀ ਨਿਖੇਧੀ

By  Jashan A November 4th 2019 08:51 PM

ਸੁਖਬੀਰ ਸਿੰਘ ਬਾਦਲ ਵੱਲੋਂ ਕਰਤਾਰਪੁਰ ਲਾਂਘੇ 'ਚ ਅੜਿੱਕੇ ਪਾਉਣ ਦੀ ਕੋਸ਼ਿਸ਼ ਲਈ ਮੁੱਖ ਮੰਤਰੀ ਦੀ ਨਿਖੇਧੀ

ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਠੁਕਰਾ ਕੇ ਅਤੇ ਇੰਦਰਾ ਗਾਂਧੀ ਦੇ ਗੁਣਗਾਨ ਲਈ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀ ਕਰਕੇ ਸਿੱਖ ਕੌਮ ਦਾ ਭਾਰੀ ਨੁਕਸਾਨ ਕਰ ਚੁੱਕਿਆ ਹੈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਰਤਾਰਪੁਰ ਲਾਂਘੇ 'ਚ ਅੜਿੱਕਾ ਪਾਉਣ ਦੇ ਮੰਤਵ ਨਾਲ ਮੂਰਖਤਾ ਭਰੇ ਸਿਆਸੀ ਬਿਆਨ ਜਾਰੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਪਾਵਨ ਮੌਕੇ ਦੀ ਪਵਿੱਤਰਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਨਿਖੇਧੀ ਕੀਤੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਕਰਤਾਰਪੁਰ ਲਾਂਘੇ ਦੀ ਹੋਂਦ ਬਾਰੇ ਸੁਆਲ ਖੜ੍ਹੇ ਕਰਕੇ ਕਰੋੜਾਂ ਸਿੱਖਾਂ ਦੀ ਆਸਥਾ ਨਾਲ ਖੇਡ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵਾਰ ਵਾਰ ਲਾਂਘੇ ਬਾਰੇ ਆਪਣੇ ਬਿਆਨ ਬਦਲ ਰਿਹਾ ਹੈ।ਪਹਿਲਾਂ ਉਸ ਨੇ ਇਸ ਦਾ ਵਿਰੋਧ ਕੀਤਾ ਸੀ।

ਫਿਰ ਇਸ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪਾਕਿਸਤਾਨ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਕਰੇਗਾ। ਹੁਣ ਇਸ ਇਤਿਹਾਸਕ ਲਾਂਘੇ ਨੂੰ ਖੋਲ੍ਹੇ ਜਾਣ ਤੋਂ ਤਿੰਨ ਦਿਨ ਪਹਿਲਾਂ ਉਸ ਨੇ ਦੁਬਾਰਾ ਇਸ ਲਾਂਘੇ ਨੂੰ ਅਮਲ ਵਿਚ ਲਿਆਂਦੇ ਜਾਣ ਬਾਰੇ ਸੁਆਲ ਉਠਾਏ ਹਨ, ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਕੈਪਟਨ ਦੀ ਤਾਜ਼ਾ ਹਰਕਤ ਸਿੱਖ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਹੈ।

ਮੁੱਖ ਮੰਤਰੀ ਨੂੰ ਜ਼ਿੰਮੇਵਾਰੀ ਨਾਲ ਪੇਸ਼ ਆਉਣ ਲਈ ਆਖਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੁਹਾਡੀਆਂ ਬੇਵਕੂਫੀ ਭਰੀਆਂ ਹਰਕਤਾਂ ਨਾ ਸਿਰਫ ਤੁਹਾਡਾ ਅਕਸ ਖਰਾਬ ਕਰ ਰਹੀਆਂ ਹਨ,ਸਗੋਂ ਸਿੱਖਾਂ ਅੰਦਰ ਵੀ ਫਿਕਰ ਅਤੇ ਭੰਬਲਭੂਸਾ ਪੈਦਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਤੁਸੀਂ ਵਾਰ ਵਾਰ ਆਈਐਸਆਈ ਦੀਆਂ ਧਮਕੀਆਂ ਦੇ ਹਵਾਲੇ ਦੇ ਬਿਨਾਂ ਲੋੜ ਤੋਂ ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।

ਉਹਨਾਂ ਕਿਹਾ ਕਿ ਇਹਨਾਂ ਧਮਕੀਆਂ ਤੋਂ ਕੇਂਦਰ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ ਅਤੇ ਸਾਡੇ ਸੁਰੱਖਿਆ ਦਸਤੇ ਇਹਨਾਂ ਨਾਲ ਨਜਿੱਠਣਾ ਜਾਣਦੇ ਹਨ। ਉਹਨਾਂ ਕਿਹਾ ਕਿ ਤੁਹਾਨੂੰ ਇਹਨਾਂ ਧਮਕੀਆਂ ਦਾ ਇਸਤੇਮਾਲ ਸਿੱਖਾਂ ਨੂੰ ਉਹਨਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਅਰਦਾਸ ਪੂਰੀ ਕਰਨ ਤੋਂ ਰੋਕਣ ਲਈ ਨਹੀਂ ਕਰਨਾ ਚਾਹੀਦਾ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 12 ਨਵੰਬਰ ਨੂੰ ਐਸਜੀਪੀਸੀ ਵੱਲੋਂ ਆਯੋਜਿਤ ਕੀਤੇ ਜਾ ਰਹੇ ਮੁੱਖ ਸਮਾਗਮ ਨੂੰ ਸਾਂਝੇ ਤੌਰ ਤੇ ਮਨਾਉਣ ਦੇ ਦਿੱਤੇ ਆਦੇਸ਼ ਨੂੰ ਠੁਕਰਾਉਣ ਦੇ ਆਪਣੇ ਪਾਪ ਨੂੰ ਲੁਕੋਣ ਲਈ ਮੁੱਖ ਮੰਤਰੀ ਜਾਣ ਬੁੱਝ ਕੇ ਅਜਿਹੇ ਉਲਟੇ ਸਿੱਧੇ ਬਿਆਨ ਜਾਰੀ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਠੁਕਰਾ ਕੇ ਅਤੇ ਉਸ ਇੰਦਰਾ ਗਾਂਧੀ ਦੇ ਗੁਣਗਾਨ ਲਈ ਕਰੋੜਾਂ ਰੁਪਏ ਦੇ ਇਸ਼ਤਿਹਾਰ ਜਾਰੀ ਕਰਕੇ, ਜਿਸ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕ ਚੜ੍ਹਾਉਣ ਦਾ ਹੁਕਮ ਦਿੱਤਾ ਸੀ, ਸਿੱਖ ਕੌਮ ਦਾ ਭਾਰੀ ਨੁਕਸਾਨ ਕਰ ਚੁੱਕਿਆ ਹੈ।ਉਹਨਾਂ ਕਿਹਾ ਕਿ ਹੁਣ ਉਹ ਕਾਂਗਰਸ ਪਾਰਟੀ ਦੀ 550ਵੇਂ ਪਰਕਾਸ਼ ਪੁਰਬ ਦੇ ਮੌਕੇ ਉੱਤੇ ਸਿੱਖਾਂ ਵਿਚ ਵੰਡੀਆਂ ਪਾਉਣ ਦੀ ਸਿਆਸੀ ਸਾਜ਼ਿਸ਼ ਦਾ ਹਿੱਸਾ ਬਣ ਚੁੱਕਿਆ ਹੈ।

ਇਹ ਟਿੱਪਣੀ ਕਰਦਿਆਂ ਕਿ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦਾ ਸਿੱਖ ਕੌਮ ਅੱਗੇ ਪਰਦਾਫਾਸ਼ ਹੋ ਚੁੱਕਿਆ ਹੈ, ਬਾਦਲ ਨੇ ਕਿਹਾ ਕਿ ਸਿੱਖ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਂਗਰਸ ਇੱਕ ਸਿੱਖ-ਵਿਰੋਧੀ ਪਾਰਟੀ ਹੈ ਅਤੇ ਆਪਣੀ ਪਾੜੋ ਅਤੇ ਰਾਜ ਕਰੋ ਦੀ ਨੀਤੀ ਤਹਿਤ ਸਾਰੀਆਂ ਸਿੱਖ ਸੰਸਥਾਵਾਂ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਿੱਖ ਪੰਥ ਇਹਨਾਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਸਾਂਝੇ ਤੌਰ ਤੇ 550ਵੇਂ ਪਰਕਾਸ਼ ਪੁਰਬ ਸਮਾਗਮ ਮਨਾਏਗਾ।

-PTC News

Related Post