ਸੁਖਬੀਰ ਸਿੰਘ ਬਾਦਲ ਦੀ ਮੁੱਖ ਮੰਤਰੀ ਚੰਨੀ ਨੂੰ ਚੇਤਾਵਨੀ, ਕਿਹਾ ਜੇਕਰ ਝੂਠਾ ਕੇਸ ਦਰਜ ਕੀਤਾ ਤਾਂ ਸ਼ੁਰੂ ਕਰਾਂਗੇ ਜੇਲ੍ਹ ਭਰੋ ਅੰਦੋਲਨ

By  Riya Bawa November 26th 2021 06:00 PM -- Updated: November 26th 2021 06:39 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਕਾਨਫ਼ਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਚੰਨੀ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠਿਆ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗਾ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ 'ਤੇ ਵੱਡੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਨੇ ਮੀਟਿੰਗ ਕਰਕੇ ਡੀ.ਜੀ.ਪੀ. ਨੂੰ ਹਿਦਾਇਤ ਦਿੱਤੀ ਹੈ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਪਰਚਾ ਦਰਜ ਕਰੋ ਪਰ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਦੀ ਧੱਕੇਸ਼ਾਹੀ ਨਹੀਂ ਜ਼ਰੇਗਾ। ਜੇਕਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਝੂਠਾ ਕੇਸ ਦਰਜ ਹੋਇਆ ਤਾਂ ਅਕਾਲੀ ਦਲ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗਾ। ਫਿਰ ਚਾਹੇ ਇਹ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਵਰਕਰਾਂ ਖ਼ਿਲਾਫ਼ ਵੀ ਪਰਚੇ ਦਰਜ ਕਰ ਦੇਣ।

ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਹੋਇਆ ਕਿ ਅਕਾਲੀ ਦਲ ਖ਼ਿਲਾਫ਼ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਦੇ ਵਿਰੋਧ ਵਿੱਚ ਭਲਕੇ 11 ਵਜੇ ਕੋਰ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਚੰਨੀ ਦੇ ਘਰ ਬਾਹਰ ਜਾਣਗੇ।ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਗ੍ਰਹਿ ਮੰਤਰੀ ਸੁੱਖੀ ਰੰਧਾਵਾ ਨੇ ਪਹਿਲਾਂ ਵੀ ਡੀ.ਜੀ.ਪੀ.ਅਤੇ ਹੋਰ ਅਫ਼ਸਰ ਸਾਹਿਬਾਨਾਂ ਦੀ ਮੀਟਿੰਗ 'ਚ ਸਾਜ਼ਿਸ਼ ਰਚੀ ਗਈ ਸੀ ਕਿ ਬੇਅਦਬੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਝੂਠਾ ਗਵਾਹ ਖੜ੍ਹਾ ਕਰਕੇ ਪਰਚਾ ਦਰਜ ਕੀਤਾ ਜਾਵੇ। ਅਸੀਂ ਖੁੱਲ੍ਹੀ ਚੁਣੌਤੀ ਦਿੱਤੀ ਸੀ ਕਿ ਸਬੂਤਾਂ ਦੇ ਆਧਾਰ 'ਤੇ ਪਰਚਾ ਦਰਜ ਕਰੋ ਪਰ ਕਾਂਗਰਸ ਕੋਲੋਂ ਕੁਝ ਨਹੀਂ ਹੋਇਆ।

ਸੁਖਬੀਰ ਬਾਦਲ ਨੇ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਚੰਨੀ ਸਰਕਾਰ 'ਚ ਹਿੰਮਤ ਹੈ ਤਾਂ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਨਸ਼ੇ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ ਪਰ ਇਹ ਕਰਵਾਉਣਗੇ ਨਹੀਂ ਕਿਉਂਕਿ ਕਾਨੂੰਨੀ ਤੌਰ 'ਤੇ ਇਹ ਸਾਡੇ ਖ਼ਿਲਾਫ਼ ਕੁਝ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੂਬੇ 'ਚ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ।

ਸਿੱਧੂ ਖ਼ਿਲਾਫ਼ ਭੜਾਸ ਕੱਢਦਿਆਂ ਸੁਖਬੀਰ ਨੇ ਕਿਹਾ ਕਿ ਉਸਦਾ ਦਿਮਾਗ ਹਿੱਲ ਗਿਆ ਹੈ। ਸਿੱਧੂ ਕਹਿ ਰਿਹਾ ਹੈ ਕਿ ਜੇਕਰ ਮਜੀਠਿਆ ਖ਼ਿਲਾਫ਼ ਪਰਚਾ ਨਾ ਹੋਇਆ ਤਾਂ ਭੁੱਖ ਹੜਤਾਲ 'ਤੇ ਬੈਠੇਗਾ। ਕਾਂਗਰਸੀਆਂ ਲਈ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਇਸੇ ਕਰਕੇ ਇਨ੍ਹਾਂ ਨੇ ਪਿਛਲੇ 5 ਸਾਲਾਂ ਵਿੱਚ ਹਜ਼ਾਰਾਂ ਝੂਠੇ ਕੇਸ ਦਰਜ ਕੀਤਾ ਹਨ।

-PTC News

Related Post