ਬੇਅਦਬੀ 'ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ: ਸੁਖਬੀਰ ਸਿੰਘ ਬਾਦਲ

By  Riya Bawa January 26th 2022 11:29 AM -- Updated: January 26th 2022 12:44 PM

ਅੰਮ੍ਰਿਤਸਰ: ਪੰਜਾਬ 'ਚ ਹੋ ਰਹੀਆਂ ਬੇਅਦਬੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫੇਰ ਬੇਅਬਦੀ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਪਾਰਟੀ 'ਤੇ ਸਿਆਸਤ ਕਰਨ ਦਾ ਇਜ਼ਲਾਮ ਲਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਰਦਾਸ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਜ਼ਿੰਦਗੀ ਤੇ ਇਨ੍ਹਾਂ ਚੋਣਾਂ 'ਚ ਕੱਖ ਨਾ ਰਹੇ। ਉਨ੍ਹਾਂ ਨੇ ਪਹਿਲਾਂ ਵੀ ਕਿਹਾ ਸੀ ਤੇ ਅੱਜ ਗੁਰੂ ਘਰ 'ਚ ਅਰਦਾਸ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ 5-7 ਸਾਲਾਂ ਵਿੱਚ ਪੰਜਾਬ 'ਚ ਬੇਅਦਬੀਆਂ ਹੋ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇੱਕ ਹੀ ਟੀਚਾ ਸੀ ਕਿ ਕਿਵੇਂ ਪੰਥ ਦੀ ਨੁਮਾਇੰਦਾ ਜਥੇਬੰਦੀ ਅਕਾਲੀ ਦਲ ਨੂੰ ਬਦਨਾਮ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਨੇ ਜੋ ਜਾਂਚ ਕੀਤੀ, ਉਸ 'ਚ ਵੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਗਈ ਸੀ, ਜਿਸ ਨੂੰ ਹਾਈਕੋਰਟ ਨੇ ਮੁੱਢੋਂ ਰੱਦ ਕਰ ਦਿੱਤਾ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਸੀ ਕਿ ਸਾਡੀ ਸਰਕਾਰ ਹੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰੇ ਪਰ ਸਾਡੇ 'ਤੇ ਦਬਾਅ ਇੰਨਾ ਬਣਾਇਆ ਗਿਆ ਕਿ ਸਾਨੂੰ ਜਾਂਚ ਸੀਬੀਆਈ ਨੂੰ ਦੇਣੀ ਪਈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਦੋਸ਼ੀਆਂ ਨੂੰ ਫੜਨ ਦੀ ਬਜਾਏ ਕਾਂਗਰਸ ਸਰਕਾਰ ਸਿਆਸਤ ਕਰਦੀ ਰਹੀ।

ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਦੋਸ਼ੀ ਦਾ ਪੁਲਿਸ ਨੇ ਕੋਈ ਡੀਐਨਏ ਨਹੀਂ ਲਿਆ ਤੇ ਨਾ ਹੀ ਪਛਾਣ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਤਾਂ ਭੇਜ ਦਿੱਤਾ ਪਰ ਉਸ ਕੋਲੋਂ ਕੋਈ ਸਖਤੀ ਨਾਲ ਪੁੱਛਗਿੱਛ ਨਹੀਂ ਕੀਤੀ ਗਈ।

-PTC News

Related Post