ਆਮ ਆਦਮੀ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ

By  Shanker Badra November 3rd 2018 05:16 PM -- Updated: November 3rd 2018 05:37 PM

ਆਮ ਆਦਮੀ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਦਿਖਾਇਆ ਬਾਹਰ ਦਾ ਰਸਤਾ:ਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਖਰੜ ਹਲਕੇ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਵੱਡਾ ਝਟਕਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿੱਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਇਹ ਕਿਹਾ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਦੋਵੇਂ ਲੀਡਰ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ 'ਤੇ ਸਵਾਲ ਚੁੱਕ ਰਹੇ ਸਨ ਅਤੇ ਸ਼ਬਦੀ ਹਮਲੇ ਕਰਦੇ ਰਹੇ ਹਨ।

ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵੱਲੋਂ ਆਪਣੇ ਪੱਧਰ 'ਤੇ ਹਰ ਸੰਭਵ ਯਤਨ ਕਰਕੇ ਦੋਵਾਂ ਆਗੂਆਂ ਨੂੰ ਸਮਝਾਉਣ ਵਿੱਚ ਅਸਫਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ੌਰੀ ਤੌਰ 'ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ।ਇਸ ਦੌਰਾਨ ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ 'ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ ਅਤੇ ਆਗੂਆਂ ਅਤੇ ਵਲੰਟੀਅਰਾਂ ਨੂੰ ਪਾਰਟੀ ਦੁਆਰਾ ਨਿਰਧਾਰਿਤ ਨਿਯਮਾਂ ਦੀ ਪਾਲਨਾ ਕਰਨੀ ਪਵੇਗੀ।

-PTCNews

Related Post