ਤਰਨਤਾਰਨ ਦੇ ਪਿੰਡ ਭੁੱਲਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

By  Jashan A September 23rd 2019 03:18 PM

ਤਰਨਤਾਰਨ ਦੇ ਪਿੰਡ ਭੁੱਲਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਗੁਰਦੁਆਰਾ ਕਮੇਟੀਆਂ ਦੇ ਪ੍ਰਬੰਧਕ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ-ਭਾਈ ਲੌਂਗੋਵਾਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਭੁੱਲਰ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ ਤੇ 20 ਗੁਟਕਾ ਸਾਹਿਬ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ।

ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਕੇਵਲ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ।

ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ। ਭਾਈ ਲੌਂਗੋਵਾਲ ਨੇ ਇਸ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਮੁਕੰਮਲ ਜਾਂਚ ਕਰਕੇ ਕਾਰਨਾਂ ਦਾ ਪਤਾ ਲਗਾਉਣ ਲਈ ਕਿਹਾ ਹੈ।

-PTC News

Related Post