ਪਾਕਿਸਤਾਨ 'ਚ ਅਗਵਾ ਸਿੱਖ ਲੜਕੀ ਦਾ ਮਾਮਲਾ: ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਘਟਨਾ ਦੀ ਨਿੰਦਾ

By  Pardeep Singh August 22nd 2022 10:30 AM -- Updated: August 22nd 2022 03:23 PM

ਚੰਡੀਗੜ੍ਹ: ਪਾਕਿਸਤਾਨ ਦੇ ਖੈਬਰ ਪਖਤੂਨ ਵਿੱਚ ਅਗਵਾ ਹੋਈ ਸਿੱਖ ਲੜਕੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਹੈ ਕਿ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਨਾ ਇਸ ਤੋਂ ਵੀ ਬੁਰੀ ਗੱਲ ਹੈ। ਜਥੇਦਾਰ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਲੜਕੀ ਨੂੰ ਬਰਾਮਦ ਕਰਕੇ ਪਰਿਵਾਰ ਨੂੰ ਸੌਂਪੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਸੁਰਖਿਆ ਨੂੰ ਯਕੀਨੀ ਬਣਾਏ। ਇਸ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।



 ਜਥੇਦਾਰ ਦਾ ਕਹਿਣਾ ਹੈ ਕਿ ਇਸਲਾਮ ਧਰਮ ਵੀ ਜਬਰਨ ਧਰਮ ਪਰਿਵਰਤਨ ਦੀ ਇਜਾਜ਼ਤ ਨਹੀਂ ਦਿੰਦਾ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੇਸ਼ਾਵਰ ਵਿੱਚ ਪਹਿਲਾਂ ਦੋ ਸਿੱਖਾਂ ਨੂੰ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।



ਜਥੇਦਾਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਦੁਨੀਆ ਵਿੱਚ ਕਿਸੇ ਵੀ ਧਰਮ ਦੀ ਘੱਟ ਗਿਣਤੀ ਹੋਣ ਕਰਕੇ ਉਸਨੂੰ ਹਮੇਸ਼ਾ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ ਅਤੇ ਜੋ ਗਲਤ ਵਰਤਾਰਾ ਹੈ। ਜਥੇਦਾਰ ਦਾ ਕਹਿਣਾ ਹੈ ਕਿ ਇਕ ਘਟਨਾ ਰਾਜਸਥਾਨ ਦੀ ਵੀ ਹੈ ਜਿੱਥੇ ਇਕ ਟੀਚਰ ਨੇ ਬੱਚੇ ਦੀ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਸਮਾਜ ਅਤੇ ਦੇਸ਼ ਲਈ ਖਤਰਨਾਕ ਹਨ। ਉਥੇ ਹੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘੱਟ ਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਅਜਿਹੀਆਂ ਸਿੱਖ ਵਿਰੋਧੀਆਂ ਗਤੀਵਿਧੀਆਂ ਲਗਤਾਰ ਜਾਰੀ ਹਨ, ਪਰ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਧਿਆਨ ਨਹੀਂ ਦੇ ਰਹੀ ਹੈ।

ਦੱਸ ਦੇਈਏ ਕਿ ਬੀਤੀ ਦਿਨੀਂ ਪਾਕਿਸਤਾਨ ਵਿੱਚ ਸਿੱਖ ਅਧਿਆਪਕ ਲੜਕੀ ਨੂੰ ਅਗਵਾ ਕਰ ਲਿਆ ਸੀ ਅਤੇ ਉਸਦਾ ਜਬਰੀ ਧਰਮ ਪਰਿਵਰਤਨ ਕਰਵਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਗਿਆ ਹੈ।


ਇਹ ਵੀ ਪੜ੍ਹੋ:ਅਸ਼ਲੀਲ ਵੀਡੀਓ ਵਾਇਰਲ ਕਰਨ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਹਰਮੀਤ ਪਠਾਣਮਾਜਰਾ



-PTC News

Related Post