ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

By  Shanker Badra November 28th 2021 04:34 PM

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ ਵਿਚ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਜਸਵੀਰ ਸਿੰਘ ਖਾਲਸਾ ਅਤੇ ਦਲਬਾਰ ਸਿੰਘ ਛੀਨੀਵਾਲ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਟਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਸ਼ਖ਼ਸੀਅਤਾਂ ਆਪਣੇ ਜੀਵਨ ਦੌਰਾਨ ਕੌਮ ਅਤੇ ਸਮਾਜ ਲਈ ਵੱਡੇ ਕਾਰਜ ਕਰਕੇ ਜਾਂਦੀਆਂ ਹਨ, ਜਿਨ੍ਹਾਂ ਤੋਂ ਅਗਲੀਆਂ ਪੀੜੀਆਂ ਨੂੰ ਸਦਾ ਪ੍ਰੇਰਨਾ ਮਿਲਦੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜਿਨ੍ਹਾਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ ਉਨ੍ਹਾਂ ਦਾ ਜੀਵਨ ਵੀ ਪ੍ਰੇਰਨਾਮਈ ਹੈ। ਉਨ੍ਹਾਂ ਸ਼ਹੀਦ ਭਾਈ ਈਸ਼ਰ ਸਿੰਘ ਧਾਰੋਵਾਲੀ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਮਹੰਤਾ ਕੋਲੋਂ ਅਜ਼ਾਦ ਕਰਵਾਉਣ ਲਈ ਭਾਈ ਈਸ਼ਰ ਸਿੰਘ ਨੇ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਸ਼ਹਾਦਤਾਂ ਨੇ ਕੌਮ ਨੂੰ ਨਵੀਂ ਊਰਜਾ ਦਿੱਤੀ ਅਤੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਆਇਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਬਾਬਾ ਦਲਬਾਰ ਸਿੰਘ ਛੀਨੀਵਾਲ ਅਤੇ ਬਾਬਾ ਜਸਵੀਰ ਸਿੰਘ ਖਾਲਸਾ ਕਾਲਾਮਲ੍ਹਾ ਦੇ ਪੰਥਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਸੰਬੋਧਨ ਕੀਤਾ ਅਤੇ ਤਿੰਨਾਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਨਵਾਜਿਆ। -PTCNews

Related Post