ਪੰਜਾਬ ਦੇ ਗੰਨਾ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਨੇ ਗੰਨੇ ਦਾ 360 ਮੁੱਲ ਕੀਤਾ ਤੈਅ

By  Riya Bawa August 24th 2021 05:11 PM -- Updated: August 24th 2021 07:45 PM

ਚੰਡੀਗੜ੍ਹ : ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਦੀ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ। ਪਿਛਲੇ ਚਾਰ ਦਿਨਾਂ ਤੋਂ ਜਲੰਧਰ ਵਿਚ ਧਰਨੇ 'ਤੇ ਬੈਠੇ ਗੰਨਾ ਕਿਸਾਨਾਂ ਦੀ ਮੰਗ ਮੰਨਦੇ ਹੋਏ ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾ ਦਿੱਤਾ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਗੰਨੇ ਦੀ 360 ਰੁਪਏ ਕੀਮਤ ਤੇ ਸਹਿਮਤੀ ਬਣੀ ਹੈ। ਸਰਕਾਰ ਨੇ 15 ਦਿਨਾਂ 'ਚ ਕਿਸਾਨਾਂ ਦੀ ਫਸਲਾਂ ਦਾ ਬਕਾਇਆ ਦਵਾਉਣ ਦਾ ਭਰੋਸਾ ਦਿੱਤਾ ਹੈ। ਇਹ ਗੁਆਂਢੀ ਰਾਜ ਹਰਿਆਣਾ ਨਾਲੋਂ ਦੋ ਰੁਪਏ ਜ਼ਿਆਦਾ ਹੈ।

ਕਿਸਾਨਾਂ ਨੇ ਗੰਨੇ ਦਾ ਮੁੱਲ 360 ਰੁਪਏ ਸਰਕਾਰ ਵੱਲੋਂ ਤੈਅ ਕਰ ਦਿੱਤਾ ਹੈ। ਕਿਸਾਨ ਯੂਨੀਅਨ ਆਗੂਆਂ ਨੇ ਪਹਿਲਾਂ ਕਿਹਾ ਕਿ ਪੰਜਾਬ ਇਸ ਸਮੇਂ ਦੌਰਾਨ ਹਰਿਆਣਾ ਦੀ ਤਰਜ਼ 'ਤੇ ਗੰਨੇ ਦਾ ਭਾਅ ਵਧਾਉਣ ਵਿੱਚ ਨਾਕਾਮ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਲਈ ਕਿਸਾਨਾਂ ਉਤੇ ਦੋਸ਼ ਨਹੀਂ ਦਿੱਤਾ ਜਾ ਸਕਦਾ ਜਿਹੜੀ ਕਿ ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ ਕਾਰਨ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਹਨ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਆਪਣਾ ਸਰਵੋਤਮ ਕਰਨਾ ਚਾਹੁੰਦੇ ਹਨ, ਸੂਬੇ ਦੇ ਵਿੱਤੀ ਸੰਕਟ ਕਾਰਨ ਉਹ ਪਹਿਲਾਂ ਗੰਨੇ ਦਾ ਭਾਅ ਵਧਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਆਰਥਿਕ ਪ੍ਰਸਥਿਤੀਆਂ ਦੇ ਮੱਦੇਨਜ਼ਰ ਸਹਿਕਾਰੀ ਤੇ ਪ੍ਰਾਈਵੇਟ ਖੰਡ ਮਿੱਲਾਂ ਨਾਲ ਜੁੜੇ ਕਿਸਾਨਾਂ ਦੀਆਂ ਲੋੜਾਂ ਦਾ ਸੰਤੁਲਨ ਬਣਾਉਣਾ ਬਹੁਤ ਔਖਾ ਹੈ।

ਰਾਣਾ ਗੁਰਜੀਤ ਸਿੰਘ ਜੋ ਕਾਂਗਰਸ ਦੇ ਵਿਧਾਇਕ ਤੋਂ ਇਲਾਵਾ ਖੁਦ ਖੰਡ ਮਿੱਲ ਦੇ ਮਾਲਕ ਵੀ ਹਨ, ਨੇ ਗੰਨੇ ਦਾ ਭਾਅ ਵਧਾਉਣ ਲਈ ਕਿਸਾਨਾਂ ਦੀ ਮੰਗ ਦੀ ਹਮਾਇਤ ਕੀਤੀ। ਸੰਯੁਕਤ ਕਿਸਾਨ ਮੋਰਚਾ ਜੋ ਬੀਤੇ ਕਈ ਦਿਨਾਂ ਤੋਂ ਗੰਨਾ ਕਿਸਾਨਾਂ ਦਾ ਅੰਦੋਲਨ ਚਲਾ ਰਿਹਾ ਹੈ, ਦੀ ਨੁਮਾਇੰਦਗੀ ਕਰ ਰਹੇ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਸਮੱਸਿਆ ਸੁਲਝਾਉਣ ਅਤੇ ਗੰਨੇ ਦੇ ਭਾਅ ਵਿਚ ਵਾਧੇ ਦਾ ਐਲਾਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਵਿਖੇ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਸੰਘਰਸ਼ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਪੰਜਾਬ ਦੇ ਕਿਸਾਨਾਂ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 5 ਲੱਖ ਰੁਪਏ ਦਾ ਮੁਆਵਜ਼ੇ ਦੇਣ ਦੇ ਕਦਮ ਦੀ ਵੀ ਸ਼ਲਾਘਾ ਕੀਤੀ। ਦੱਸਣਯੋਗ ਹੈ ਕਿ ਪੰਜ ਦਿਨਾਂ ਤੋਂ ਗੰਨਾ ਕਿਸਾਨ ਜਲੰਧਰ ਵਿੱਚ ਜੀਟੀ ਰੋਡ ਜਾਮ ਕਰਕੇ ਵਿਰੋਧ ਕਰ ਰਹੇ ਸੀ। ਰੇਲ ਮਾਰਗ ਵੀ ਬੰਦ ਸਨ।

ਮੀਟਿੰਗ ਤੋਂ ਬਾਅਦ  ਕੈਪਟਨ ਅਮਰਿੰਦਰ ਸਿੰਘ ਟਵੀਟ ਕਰ ਕਿਹਾ, " ਮੈਨੂੰ ਇਹ ਦੱਸਣ ਵਿੱਚ ਖੁਸ਼ੀ ਹੋ ਰਹੀ ਹੈ ਕਿ ਸਾਡੇ ਗੰਨਾ ਕਿਸਾਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ, ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੇਰੀ ਸਰਕਾਰ ਦਾ ਉਦੇਸ਼ ਸਮੁੱਚੇ ਫਸਲੀ ਵਿਭਿੰਨਤਾ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਵਿੱਚ ਗੰਨੇ ਦੇ ਉਤਪਾਦਨ ਨੂੰ ਵਧਾਉਣਾ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨਾ ਹੈ। ਜੈ ਕਿਸਾਨ, ਜੈ ਜਵਾਨ!"

ਇਸ ਮੀਟਿੰਗ 'ਚ ਸੂਬੇ ਦੇ ਗੰਨਾ ਕਮਿਸ਼ਨਰ ,ਖੇਤੀਬਾੜੀ ਡਾਇਰੈਕਟਰ ਅਤੇ ਮੁੱਖ ਖੇਤੀਬਾੜੀ ਅਫਸਰ, ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ। ਦੱਸ ਦੇਈਏ ਕਿ 12 ਕਿਸਾਨ ਆਗੂਆਂ ਦੇ ਨਾਲ ਇਹ ਮੀਟਿੰਗ ਹੋਈ ਹੈ।

-PTC News

 

Related Post