ਕਿਸਾਨਾਂ ਨੂੰ ਵੱਡੀ ਰਾਹਤ ,ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਮਿਲੇਗੀ 395 ਕਰੋੜ ਦੀ ਸਬਸਿਡੀ

By  Shanker Badra August 2nd 2018 07:27 PM

ਕਿਸਾਨਾਂ ਨੂੰ ਵੱਡੀ ਰਾਹਤ ,ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਮਿਲੇਗੀ 395 ਕਰੋੜ ਦੀ ਸਬਸਿਡੀ:ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੀ ਲੜੀ ਵਿੱਚ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਕਿਸਾਨਾਂ ਨੂੰ ਖੇਤੀ ਮਸ਼ੀਨਰੀ ’ਤੇ 395 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਉਣ ਲਈ ਵਿਆਪਕ ਪ੍ਰੋਗਰਾਮ ਆਰੰਭਿਆ ਹੈ।ਇਸ ਤਹਿਤ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ 28,641 ਖੇਤੀ ਸੰਦ ਅਤੇ ਮਸ਼ੀਨਾਂ ਸਬਸਿਡੀ ’ਤੇ ਦਿੱਤੇ ਜਾਣੇ ਹਨ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸਾਲ 2018-19 ਅਤੇ 2019-20 ਲਈ ਖੇਤੀ ਮਸ਼ੀਨਰੀ ’ਤੇ 665 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਉਣ ਦੇ ਕੀਤੇ ਐਲਾਨ ਤਹਿਤ ਕਿਸਾਨਾਂ ਨੂੰ ਇਹ ਸਬਸਿਡੀ ਦਿੱਤੀ ਜਾ ਰਹੀ ਹੈ।ਬੁਲਾਰੇ ਨੇ ਦੱਸਿਆ ਕਿ 12 ਹਜ਼ਾਰ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਵਿਅਕਤੀਗਤ ਤੌਰ ’ਤੇ 50 ਫੀਸਦੀ ਦੀ ਸਬਸਿਡੀ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਇਸੇ ਤਰਾਂ 514 ਕਿਸਾਨ ਸਮੂਹਾਂ ਨੂੰ 5280 ਅਤੇ 3547 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ 16655 ਖੇਤੀ ਮਸ਼ੀਨਾਂ 80 ਫੀਸਦੀ ਸਬਸਿਡੀ ’ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਖੇਤੀ ਮਸ਼ੀਨਰੀ ਬੈਂਕਾਂ ਸਥਾਪਤ ਕਰ ਕੇ ਇਨਾਂ ਮਸ਼ੀਨਾਂ ਨੂੰ ਅੱਗੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਵਿੱਚ ਹੈਪੀ ਸੀਡਰ,ਪੈਡੀ ਸਟਰਾਅ ਚੌਪਰ/ਕਟਰ,ਮਲਚਰ, ਆਰ.ਐਮ.ਬੀ. ਪਲਾਓ, ਸ਼ਰੱਬ ਕਟਰ, ਜ਼ੀਰੋ ਟਿੱਲ ਡਰਿੱਲ, ਕੰਬਾਈਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ, ਰੋਟਰੀ ਸਲੈਸ਼ਰ ਅਤੇ ਰੋਟਾਵੇਟਰ ਸ਼ਾਮਲ ਹਨ।ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਆਖਿਆ ਕਿ ਕਿਸਾਨਾਂ ਨੂੰ ਇਹ ਮਸ਼ੀਨਾਂ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਨੇ ਵਿਭਾਗ ਨੂੰ ਝੋਨੇ ਦੀ ਪਰਾਲੀ ਸਾੜਣ ਨਾਲ ਪੈਂਦੇ ਮਾਰੂ ਪ੍ਰਭਾਵ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਆਪਕ ਪੱਧਰ ’ਤੇ ਸੂਚਨਾ ਸਿੱਖਿਆ ਸੰਚਾਰ ਯੋਜਨਾ ਉਲੀਕਣ ਦੀ ਵੀ ਹਦਾਇਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਫਸਲ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬੰਧਤ ਮਸ਼ੀਨਰੀ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।

ਸੂਬੇ ਵਿੱਚ ਪਰਾਲੀ ਸਾੜੇ ਜਾਣ ਨੂੰ ਪੂਰੀ ਤਰਾਂ ਰੋਕਣ ਨੂੰ ਯਕੀਨੀ ਬਣਾਉਣ ਲਈ ਇਸ ਸਕੀਮ ਨੂੰ ਪ੍ਰਭਾਵੀ ਢੰਗ ਨਾਲ ਅਮਲ ’ਚ ਲਿਆਉਣ ਲਈ ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਪਰਾਲੀ ਸਾੜਣ ਵਿਰੁੱਧ ਮੁਹਿੰਮ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂ ਜੋ ਮੁਲਕ ਦੇ ਉੱਤਰੀ ਹਿੱਸੇ ਵਿੱਚ ਇਹ ਸਮੱਸਿਆ ਪ੍ਰਦੂਸ਼ਣ ਦਾ ਵੱਡਾ ਕਾਰਨ ਬਣੀ ਹੋਈ ਹੈ।

-PTCNews

Related Post